ਜੰਮੂ: ਨੈਸ਼ਨਲ ਕਾਨਫਰੰਸ ਦੇ ਮੁਖੀ ਫਾਰੂਕ ਅਬਦੁੱਲ੍ਹਾ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਉਸ ਬਿਆਨ ’ਤੇ ਹੈਰਾਨੀ ਜ਼ਾਹਿਰ ਕੀਤੀ ਜਿਸ ’ਚ ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਬਾਅਦ ਜੰਮੂ ਕਸ਼ਮੀਰ ਦਾ ਰਾਜ ਦਾ ਦਰਜਾ ਬਹਾਲ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਯੂਟੀ ’ਚ ਲੋਕਾਂ ਦੀਆਂ ਅਮਨ ਲਈ ਖਾਹਿਸ਼ਾਂ ਪੂਰੀਆਂ ਕੀਤੀਆਂ ਜਾਣੀਆਂ ਚਾਹੀਦੀਆਂ ਹਨ। ਅਬਦੁੱਲ੍ਹਾ ਨੇ ਕੇਂਦਰੀ ਲੀਡਰਸ਼ਿਪ ਦੇ ਇਸ ਤਰਕ ’ਤੇ ਹੈਰਾਨੀ ਜ਼ਾਹਿਰ ਕੀਤੀ ਕਿ ਹਲਕਿਆਂ ਦੀ ਹਦਬੰਦੀ ਤੇ ਚੋਣਾਂ ਹੋਣ ਮਗਰੋਂ ਜੰਮੂ ਕਸ਼ਮੀਰ ਦਾ ਰਾਜ ਵਜੋਂ ਦਰਜਾ ਬਹਾਲ ਕੀਤਾ ਜਾਵੇਗਾ। ਉਨ੍ਹਾਂ ਕਿਹਾ, ‘ਹੈਰਾਨ ਕਰਨ ਵਾਲੀ ਗੱਲ ਹੈ।’ ਉਨ੍ਹਾਂ ਪੁਣਛ ਦੇ ਮੇਂਧੜ ’ਚ ਜਨਤਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੁਝ ਮਹੀਨੇ ਪਹਿਲਾਂ ਸਰਬ ਪਾਰਟੀ ਮੀਟਿੰਗ ’ਚ ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਨਵੀਂ ਦਿੱਲੀ ਤੇ ਜੰਮੂ ਕਸ਼ਮੀਰ ਵਿਚਾਲੇ ਪਾੜੇ ਨੂੰ ਦਿਲ ਜਿੱਤ ਕੇ ਪੂਰਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜੰਮੂ ਕਸ਼ਮੀਰ ਦਾ ਦਰਜਾ ਘਟਾ ਕੇ ਲੋਕਾਂ ਦੇ ਦਿਲ ਨਹੀਂ ਜਿੱਤੇ ਜਾ ਸਕਦੇ। -ਪੀਟੀਆਈ