ਆਤਿਸ਼ ਗੁਪਤਾ
ਚੰਡੀਗੜ੍ਹ, 1 ਅਗਸਤ
ਇਥੇ ਸੁਖਨਾ ਝੀਲ ਦੇ ਰੈਗੂਲੇਟਰੀ ਐਂਡ ’ਤੇ ਸਥਿਤ ਫਲੱਡ ਗੇਟ 19 ਘੰਟਿਆਂ ਬਾਅਦ ਅੱਜ ਸਵੇਰੇ 10 ਵਜੇ ਬੰਦ ਕਰ ਦਿੱਤਾ ਗਿਆ। ਇਹ ਗੇਟ ਲੰਘੇ ਦਿਨ ਬਾਅਦ ਦੁਪਹਿਰ 3.15 ਵਜੇ ਖੋਲ੍ਹਿਆ ਗਿਆ ਸੀ। ਉਦੋਂ ਝੀਲ ਵਿੱਚ ਪਾਣੀ ਦਾ ਪੱਧਰ 1162.70 ਫੁੱਟ ਸੀ, ਜਦੋਂ ਕਿ ਖਤਰੇ ਦਾ ਨਿਸ਼ਾਨ 1163 ਫੁੱਟ ‘ਤੇ ਹੈ। ਗੌਰਤਲਬ ਹੈ ਕਿ ਸੁਖਨਾ ਝੀਲ ਦੇ ਫਲੱਡ ਗੇਟ ਖੋਲ੍ਹਣ ਬਾਅਦ ਘੱਗਰ ਦੇ ਨਾਲ ਲਗਦੇ ਇਲਾਕਿਆਂ ਲਈ ਮੁਸ਼ਕਿਲ ਖੜੀ ਹੋ ਜਾਂਦੀ ਹੈ, ਕਿਉਂਕਿ ਸੁਖਨਾ ਝੀਲ ਦਾ ਪਾਣੀ ਸੁਖਨਾ ਚੋਅ ਰਾਹੀਂ ਅੱਗੇ ਜਾ ਕੇ ਘੱਗਰ ਵਿੱਚ ਮਿਲਦਾ ਹੈ। ਚੰਡੀਗੜ੍ਹ ਅਤੇ ਆਲੇ ਦੁਆਲੇ ਕਈ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਕਰਕੇ ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ ਵਧ ਗਿਆ ਸੀ, ਜਿਸ ਕਰਕੇ ਸੁਖਨਾ ਝੀਲ ਦੇ ਫਲੱਡ ਗੇਟ ਖੋਲ੍ਹੇ ਗਏ ਸਨ। ਇਸ ਤੋਂ ਪਹਿਲਾਂ 22 ਜੁਲਾਈ ਨੂੰ ਫਲੱਡ ਗੇਟ ਖੋਲ੍ਹੇ ਗਏ ਸਨ।