ਨਵੀਂ ਦਿੱਲੀ: ਫੋਰੈਂਸਿਕ ਮਾਹਿਰਾਂ ਦੀ ਟੀਮ ਨੇ ਸ਼ਨਿਚਰਵਾਰ ਨੂੰ ਲਾਲ ਕਿਲੇ ਦਾ ਦੌਰਾ ਕਰਕੇ ਉਥੇ ਗਣਤੰਤਰ ਦਿਵਸ ਮੌਕੇ ਹੋਈ ਹਿੰਸਾ ਦੇ ਸਬੰਧ ’ਚ ਸਬੂਤ ਇਕੱਤਰ ਕੀਤੇ। ਦਿੱਲੀ ਪੁਲੀਸ ਦੀ ਕ੍ਰਾਈਮ ਬ੍ਰਾਂਚ ਵੱਲੋਂ ਇਸ ਮਾਮਲੇ ਦੀ ਤਹਿਕੀਕਾਤ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਦੀ ਪਛਾਣ ਲਈ ਕਈ ਟੀਮਾਂ ਬਣਾਈਆਂ ਗਈਆਂ ਹਨ। ਦਿੱਲੀ ਪੁਲੀਸ ਨੇ ਸ਼ੁੱਕਰਵਾਰ ਨੂੰ ਲੋਕਾਂ ਨੂੰ ਅਪੀਲ ਕੀਤੀ ਸੀ ਕਿ ਜੇਕਰ ਉਨ੍ਹਾਂ ਕੋਲ ਹਿੰਸਾ ਬਾਰੇ ਕੋਈ ਜਾਣਕਾਰੀ ਜਾਂ ਸਬੂਤ ਹਨ ਤਾਂ ਉਹ ਸਾਂਝੇ ਕੀਤੇ ਜਾਣ। ਪੁਲੀਸ ਨੇ ਲਾਲ ਕਿਲੇ ’ਤੇ ਹੋਈ ਭੰਨ-ਤੋੜ ਨੂੰ ਦੇਸ਼ ਵਿਰੋਧੀ ਕਾਰਵਾਈ ਕਰਾਰ ਦਿੱਤਾ ਸੀ। ਦਿੱਲੀ ਪੁਲੀਸ ਨੂੰ ਹੁਣ ਤੱਕ 1700 ਵੀਡੀਓ ਕਲਿੱਪ ਅਤੇ ਸੀਸੀਟੀਵੀ ਫੁਟੇਜ ਪ੍ਰਾਪਤ ਹੋਏ ਹਨ। ਇਸ ਸਮੱਗਰੀ ਦਾ ਵਿਸ਼ਲੇਸ਼ਣ ਕਰਨ ਅਤੇ ਦੋਸ਼ੀਆਂ ਦੀ ਪਛਾਣ ਲਈ ਫੋਰੈਂਸਿਕ ਮਾਹਿਰਾਂ ਦੀ ਵੀ ਮਦਦ ਲਈ ਜਾ ਰਹੀ ਹੈ। -ਪੀਟੀਆਈ