ਨਵੀਂ ਦਿੱਲੀ, 12 ਅਕਤੂਬਰ
ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਹਾਥਰਸ ਜਾਂਦੇ ਸਮੇਂ ਮਥੁਰਾ ਤੋਂ ਕੇਰਲ ਦੇ ਪੱਤਰਕਾਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਪੱਤਰਕਾਰਾਂ ਦੀ ਜਥੇਬੰਦੀ ਦੀ ਅਪੀਲ ’ਤੇ ਚਾਰ ਹਫ਼ਤਿਆਂ ਮਗਰੋਂ ਸੁਣਵਾਈ ਕੀਤੀ ਜਾਵੇਗੀ। ਇਹ ਪੱਤਰਕਾਰ ਉਸ ਦਲਿਤ ਲੜਕੀ ਦੇ ਘਰ ਜਾ ਰਿਹਾ ਸੀ ਜਿਸ ਦੀ ਸਮੂਹਿਕ ਜਬਰ ਜਨਾਹ ਤੋਂ ਬਾਅਦ ਹਸਪਤਾਲ ’ਚ ਮੌਤ ਹੋ ਗਈ ਸੀ। ਚੀਫ ਜਸਟਿਸ ਐੱਸਏ ਬੋਬੜੇ, ਜਸਟਿਸ ਏਐੱਸ ਬੋਪੰਨਾ ਤੇ ਜਸਟਿਸ ਵੀ ਰਾਮਾਸੁਬਰਾਮਨੀਅਨ ਦੇ ਬੈਂਚ ਨੇ ਕੇਰਲ ਯੂਨੀਅਨ ਆਫ ਵਰਕਿੰਗ ਜਰਨਲਿਸਟਸ ਨੂੰ ਕਿਹਾ ਕਿ ਉਹ ਅਪੀਲ ’ਚ ਸੋਧ ਕਰਨ। ਬੈਂਚ ਨੇ ਕਿਹਾ ਕਿ ਇਸ ਸੰਸਥਾ ਨੂੰ ਅਲਾਹਾਬਾਦ ਹਾਈ ਕੋਰਟ ਜਾਣਾ ਚਾਹੀਦਾ ਹੈ। ਪੱਤਰਕਾਰਾਂ ਦੀ ਜਥੇਬੰਦੀ ਨੇ ਪੱਤਰਕਾਰ ਸਿੱਦੀਕੀ ਕੱਪਨ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਦਾਲਤ ’ਚ ਅਪੀਲ ਦਾਇਰ ਕੀਤੀ ਹੈ। –ਪੀਟੀਆਈ