ਨਵੀਂ ਦਿੱਲੀ, 10 ਜੂਨ
ਕਾਂਗਰਸ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ ਨੇ ਅੱਜ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨਾਲ ਮੁਲਾਕਾਤ ਕੀਤੀ ਅਤੇ ਦੋਵਾਂ ਦੇਸ਼ਾਂ ਵਿਚਾਲੇ ਰਿਸ਼ਤੇ ਮਜ਼ਬੂਤ ਬਣਾਉਣ ਅਤੇ ਕੁਝ ਹੋਰ ਵਿਸ਼ਿਆਂ ’ਤੇ ਚਰਚਾ ਕੀਤੀ। ਇਸ ਸਮੇਂ ਉਨ੍ਹਾਂ ਨਾਲ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਤੇ ਪਾਰਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਵੀ ਸਨ।
ਕਾਂਗਰਸ ਨੇ ਇਸ ਸਬੰਧੀ ਐਕਸ ’ਤੇ ਪਾਈ ਪੋਸਟ ’ਚ ਕਿਹਾ, ‘ਕਾਂਗਰਸ ਸੰਸਦੀ ਪਾਰਟੀ ਦੀ ਚੇਅਰਪਰਸਨ ਸੋਨੀਆ ਗਾਂਧੀ, ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਤੇ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਅੱਜ ਬਾਅਦ ਦੁਪਹਿਰ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨਾਲ ਮੁਲਾਕਾਤ ਕੀਤੀ।’ ਰਾਹੁਲ ਗਾਂਧੀ ਨੇ ਆਪਣੇ ਵਟਸਐਪ ਚੈਨਲ ’ਤੇ ਇਸ ਮੁਲਾਕਾਤ ਦੀ ਵੀਡੀਓ ਜਾਰੀ ਕੀਤੀ ਹੈ ਜਿਸ ਵਿੱਚ ਗਾਂਧੀ ਪਰਿਵਾਰ ਦੇ ਤਿੰਨੋਂ ਮੈਂਬਰ ਸ਼ੇਖ ਹਸੀਨਾ ਨਾਲ ਗਲੇ ਮਿਲਦੇ ਤੇ ਉਨ੍ਹਾਂ ਨਾਲ ਗੱਲਬਾਤ ਕਰਦੇ ਦੇਖੇ ਜਾ ਸਕਦੇ ਹਨ। -ਪੀਟੀਆਈ