ਪੱਤਰ ਪ੍ਰੇਰਕ
ਨਵੀਂ ਦਿੱਲੀ, 16 ਦਸੰਬਰ
ਪੁਲੀਸ ਨੇ ਕਿਹਾ ਕਿ ਕਿਸਾਨਾਂ ਦੇ ਅੰਦੋਲਨ ਕਾਰਨ ਇੱਕ ਸਾਲ ਤੋਂ ਵੱਧ ਸਮੇਂ ਤੱਕ ਬੰਦ ਰਹਿਣ ਤੋਂ ਬਾਅਦ ਅੱਜ ਦਿੱਲੀ ਦੀ ਗਾਜ਼ੀਪੁਰ ਸਰਹੱਦ ਨੂੰ ਅੰਸ਼ਕ ਤੌਰ ’ਤੇ ਆਵਾਜਾਈ ਲਈ ਖੋਲ੍ਹ ਦਿੱਤਾ ਗਿਆ ਹੈ। ਅਧਿਕਾਰੀਆਂ ਅਨੁਸਾਰ ਸਰਹੱਦ ’ਤੇ ਇੱਕ ਕੈਰੇਜਵੇਅ ਨੂੰ ਫਿਲਹਾਲ ਦੁਬਾਰਾ ਖੋਲ੍ਹ ਦਿੱਤਾ ਗਿਆ ਹੈ ਤੇ ਵੈਸ਼ਾਲੀ, ਗਾਜ਼ੀਆਬਾਦ ਤੋਂ ਆਉਣ ਵਾਲੇ ਲੋਕ ਦਿੱਲੀ ਵਿੱਚ ਦਾਖਲ ਹੋਣ ਲਈ ਹੱਦ ਤੋਂ ਲੰਘ ਸਕਦੇ ਹਨ। ਦਿੱਲੀ ਪੁਲੀਸ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਕੌਮੀ ਰਾਜਧਾਨੀ ਵੱਲ ਵਧਣ ਤੋਂ ਰੋਕਣ ਲਈ ਲਗਾਏ ਗਏ ਸਾਰੇ ਬੈਰੀਕੇਡ ਬੁੱਧਵਾਰ ਨੂੰ ਤੋੜਨ ਤੋਂ ਬਾਅਦ ਸਿੰਘੂ ਬਾਰਡਰ ’ਤੇ ਦੋ ਕੈਰੇਜਵੇਅ ਖੋਲ੍ਹਣ ਦੇ ਨਾਲ-ਨਾਲ ਆਵਾਜਾਈ ਦੀ ਇਜਾਜ਼ਤ ਦੇ ਦਿੱਤੀ ਸੀ। ਦਿੱਲੀ ਪੁਲੀਸ ਦੇ ਡਿਪਟੀ ਕਮਿਸ਼ਨਰ (ਬਾਹਰੀ ਉੱਤਰ) ਬ੍ਰਿਜੇਸ਼ ਯਾਦਵ ਨੇ ਕਿਹਾ ਕਿ ਸਿੰਘੂ ਬਾਰਡਰ ਨੂੰ ਦਿੱਲੀ ਵਾਲੇ ਪਾਸੇ ਤੋਂ ਵੀ ਖੋਲ੍ਹਣ ਦਾ ਫ਼ੈਸਲਾ ਕੀਤਾ ਗਿਆ ਹੈ। ਇਹ ਸਾਰੇ ਵਾਹਨਾਂ ਲਈ ਖੋਲ੍ਹਿਆ ਗਿਆ ਹੈ। ਪੁਲੀਸ ਨੇ ਕਿਹਾ ਕਿ ਟਿੱਕਰੀ ਸਰਹੱਦ ’ਤੇ ਯਾਤਰੀਆਂ ਲਈ ਸੜਕਾਂ ਪਹਿਲਾਂ ਹੀ ਸਾਫ਼ ਕਰ ਦਿੱਤੀਆਂ ਗਈਆਂ ਹਨ ਅਤੇ ਸੜਕ ’ਤੇ ਆਵਾਜਾਈ ਚੱਲ ਰਹੀ ਹੈ।
ਜ਼ਿਕਰਯੋਗ ਹੈ ਕਿ ਦਿੱਲੀ-ਚੰਡੀਗੜ੍ਹ ਹਾਈਵੇਅ ’ਤੇ ਸਥਿਤ ਸਿੰਘੂ ਬਾਰਡਰ ਤਿੰਨ ਕੇਂਦਰੀ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਅੰਦੋਲਨ ਦਾ ਕੇਂਦਰ ਰਿਹਾ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੇ ਸਰਕਾਰ ਵੱਲੋਂ ਹੋਰ ਮੰਗਾਂ ਮੰਨਣ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ ਵੱਲੋਂ ਅੰਦੋਲਨ ਨੂੰ ਮੁਅੱਤਲ ਕਰਨ ’ਤੇ ਕਿਸਾਨਾਂ ਨੇ ਦਿੱਲੀ-ਹਰਿਆਣਾ ਸਰਹੱਦ ’ਤੇ ਪ੍ਰਦਰਸ਼ਨ ਵਾਲੀ ਥਾਂ ਛੱਡਣੀ ਸ਼ੁਰੂ ਕਰ ਦਿੱਤੀ ਸੀ। ਸਿੰਘੂ ਹੱਦ ਤੋਂ ਇਲਾਵਾ ਮੁੱਖ ਤੌਰ ’ਤੇ ਪੰਜਾਬ, ਹਰਿਆਣਾ ਤੇ ਉੱਤਰ ਪ੍ਰਦੇਸ਼ ਦੇ ਕਿਸਾਨਾਂ ਨੇ ਪਿਛਲੇ ਸਾਲ 26 ਨਵੰਬਰ ਨੂੰ ਦਿੱਲੀ ਦੇ ਟਿੱਕਰੀ ਤੇ ਗਾਜ਼ੀਪੁਰ ਸਰਹੱਦਾਂ ਨੂੰ ਘੇਰਾ ਪਾ ਲਿਆ ਸੀ।