ਪਣਜੀ, 24 ਫਰਵਰੀ
ਅੱਜ ਬੰਬੇ ਹਾਈ ਕੋਰਟ ਦੇ ਗੋਆ ਬੈਂਚ ਨੇ ਗੋਆ ਵਿਧਾਨ ਸਭਾ ਦੇ 12 ਮੈਂਬਰਾਂ ਵੱਲੋਂ ਆਪੋ ਆਪਣੀਆਂ ਪਾਰਟੀਆਂ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਣ ’ਤੇ ਉਨ੍ਹਾਂ ਦੀ ਮੈਂਬਰੀ ਰੱਦ ਕਰਨ ਵਾਲੀਆਂ ਪਟੀਸ਼ਨਾਂ ਖਾਰਜ ਕਰ ਦਿੱਤੀਆਂ। ਸੂਬਾ ਕਾਂਗਰਸ ਪ੍ਰਧਾਨ ਗਿਰੀਸ਼ ਚੋਡਨੇਕਰ ਨੇ ਜੁਲਾਈ 2019 ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਪਾਰਟੀ ਦੇ 10 ਵਿਧਾਇਕਾਂ ਨੂੰ ਵਿਧਾਨ ਸਭਾ ਦੀ ਮੈਂਬਰਸ਼ਿਪ ਲਈ ਅਯੋਗ ਠਹਿਰਾਉਣ ਲਈ ਪਟੀਸ਼ਨ ਦਾਇਰ ਕੀਤੀ ਸੀ। ਇਸ ਦੇ ਨਾਲ ਹੀ ਮਹਾਰਾਸ਼ਟਰਵਾਦੀ ਗੋਮਾਂਤਕ ਪਾਰਟੀ ਦੇ ਵਿਧਾਇਕ ਸੁਦੀਨ ਧਾਵਲਿਕਰ ਨੇ ਵੀ ਖੇਤਰੀ ਪਾਰਟੀ ਤੋਂ ਵੱਖ ਹੋ ਕੇ ਭਾਜਪਾ ‘ਚ ਸ਼ਾਮਲ ਹੋਣ ਵਾਲੇ ਆਪਣੇ ਦੋ ਵਿਧਾਇਕਾਂ ਵਿਰੁੱਧ ਅਜਿਹੀ ਹੀ ਪਟੀਸ਼ਨ ਦਾਇਰ ਕੀਤੀ ਸੀ।