ਪਣਜੀ, 10 ਜੁਲਾਈ
ਗੋਆ ਵਿਧਾਨ ਸਭਾ ਦੇ ਸਪੀਕਰ ਰਾਮੇਸ਼ ਤਾਵੜਕਰ ਨੇ ਡਿਪਟੀ ਸਪੀਕਰ ਦੀ ਚੋਣ ਸਬੰਧੀ ਨੋਟੀਫਿਕੇਸ਼ਨ ਨੂੰ ਅੱਜ ਰੱਦ ਕਰ ਦਿੱਤਾ ਹੈ। ਇਹ ਚੋਣ 12 ਜੁਲਾਈ ਨੂੰ ਹੋਣੀ ਸੀ। ਸਪੀਕਰ ਨੇ ਇਹ ਕਾਰਵਾਈ ਉਸ ਸਮੇਂ ਕੀਤੀ ਹੈ ਜਦੋਂ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ 40 ਮੈਂਬਰਾਂ ਵਾਲੀ ਵਿਧਾਨ ਸਭਾ ਦੇ ਕੁਝ ਕਾਂਗਰਸੀ ਵਿਧਾਇਕ ਸੱਤਾਧਾਰੀ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ। ਜ਼ਿਕਰਯੋਗ ਹੈ ਕਿ ਸੋਮਵਾਰ ਤੋਂ ਗੋਆ ਵਿਧਾਨ ਸਭਾ ਦਾ ਸੈਸ਼ਨ ਸ਼ੁਰੂ ਹੋ ਰਿਹਾ ਹੈ ਜੋ ਕਿ ਦੋ ਹਫਤੇ ਚਲੇਗਾ। ਗੋਆ ਦੀ ਕਾਂਗਰਸ ਇਕਾਈ ਦੇ ਪ੍ਰਧਾਨ ਅਮਿਤ ਪਾਟੇਕਰ ਨੇ ਇਸ ਗੱਲ ਦਾ ਖੰਡਨ ਕੀਤਾ ਹੈ ਕਿ ਕੁਝ ਕਾਂਗਰਸੀ ਵਿਧਾਇਕ ਭਾਜਪਾ ਵਿੱਚ ਸ਼ਾਮਲ ਹੋਣ ਦੀ ਯੋਜਨਾ ਬਣਾ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਅਫਵਾਹਾਂ ਸੱਤਾਧਾਰੀ ਭਾਜਪਾ ਵੱਲੋਂ ਫੈਲਾਈਆਂ ਜਾ ਰਹੀਆਂ ਹਨ। -ਪੀਟੀਆਈ
ਕਾਂਗਰਸ ਨੇ ਮਾਈਕਲ ਲੋਬੋ ਨੂੰ ਵਿਰੋਧੀ ਧਿਰ ਦੇ ਆਗੂ ਦੇ ਅਹੁਦੇ ਤੋਂ ਹਟਾਇਆ
ਪਣਜੀ: ਕਾਂਗਰਸ ਪਾਰਟੀ ਨੇ ਅੱਜ ਮਾਈਕਲ ਲੋਬੋ ਨੂੰ ਗੋਆ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਪਾਰਟੀ ਵੱਲੋਂ ਲੋਬੋ ਅਤੇ ਸਾਬਕਾ ਮੁੱਖ ਮੰਤਰੀ ਦਿਗੰਬਰ ਕਮਾਤ ਖ਼ਿਲਾਫ਼ ਪਾਰਟੀ ਵਿਰੋਧੀ ਸਾਜ਼ਿਸ਼ਾਂ ਘੜਣ ਅਤੇ ਪਾਰਟੀ ਵਿੱਚ ਫੁੱਟ ਪਾਉਣ ਲਈ ਭਾਜਪਾ ਨਾਲ ਮਿਲਣ ਦਾ ਦੋਸ਼ ਲਗਾਇਆ ਗਿਆ ਹੈ। ਸੂਬੇ ਦੀ ਵਿਧਾਨ ਸਭਾ ਦੇ ਸੈਸ਼ਨ ਮੌਕੇ ਇਹ ਐਲਾਨ ਕਰਦਿਆਂ ਕਾਂਗਰਸ ਦੇ ਗੋਆ ਮਾਮਲਿਆਂ ਦੇ ਇੰਚਾਰਜ ਦਿਨੇਸ਼ ਗੁੰਡੂ ਰਾਓ ਨੇ ਇਹ ਵੀ ਕਿਹਾ ਕਿ ਲੋਬੋ ਤੇ ਕਾਮਤ ਤੋਂ ਇਲਾਵਾ ਤਿੰਨ ਹੋਰ ਪਾਰਟੀ ਵਿਧਾਇਕਾਂ ਨਾਲ ਸੰਪਰਕ ਨਹੀਂ ਹੋ ਸਕ ਰਿਹਾ ਹੈ। 40 ਮੈਂਬਰਾਂ ਵਾਲੀ ਵਿਧਾਨ ਸਭਾ ਵਿੱਚੋਂ ਕੁਝ ਕਾਂਗਰਸੀ ਵਿਧਾਇਕਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਸੰਭਾਵਨਾਵਾਂ ਵਿਚਾਲੇ ਅੱਜ ਕਾਂਗਰਸ ਵੱਲੋਂ ਇਹ ਫ਼ੈਸਲਾ ਲਿਆ ਗਿਆ ਹੈ। -ਪੀਟੀਆਈ