ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 30 ਅਗਸਤ
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕੇਂਦਰ ਸਰਕਾਰ ਦੀ ਯੋਜਨਾ ਤਹਿਤ ਪੰਜਾਬ ਸਰਕਾਰ ਦਾ ਸੂਬੇ ਦੀਆਂ ਸਰਕਾਰੀ ਜਾਇਦਾਦਾਂ ਨੂੰ ਪ੍ਰਾਈਵੇਟ ਹੱਥਾਂ ਵਿੱਚ ਦੇਣ ਦੇ ਲੋਕ ਵਿਰੋਧੀ ਫੈ਼ਸਲੇ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਵਿਕਰੀ ਲਈ 53 ਸਰਕਾਰੀ ਆਰਾਮ ਘਰਾਂ ਤੇ 10 ਸੜਕਾਂ ਦੀ ਸ਼ਨਾਖ਼ਤ ਵੀ ਕਰ ਲਈ ਗਈ ਹੈ ਜਿਨ੍ਹਾਂ ਵਿੱਚ ਅੰਮ੍ਰਿਤਸਰ ਦਾ ਗੁਰੂ ਨਾਨਕ ਆਡੀਟੋਰੀਅਮ, ਗੋਲ ਬਾਗ ਸਪੋਰਟਸ ਕੰਪਲੈਕਸ, ਮਹਾਰਾਜਾ ਰਣਜੀਤ ਸਿੰਘ ਆਡੀਟੋਰੀਅਮ, ਲੁਧਿਆਣਾ ਵਿਚਲੀ ਕੁੱਝ ਜ਼ਮੀਨ ਸਣੇ ਮੁਹਾਲੀ ਦਾ ਬਹੁਮੰਤਵੀ ਖੇਡ ਸਟੇਡੀਅਮ, ਦਸਮੇਸ਼ ਮਾਰਸ਼ਲ ਆਰਟਸ ਸਪੋਰਟਸ ਅਕਾਦਮੀ ਮੋਗਾ ਤੋਂ ਇਲਾਵਾ ਫਿਰੋਜ਼ਪੁਰ ਤੇ ਲੁਧਿਆਣਾ ਵਿਚਲੀਆਂ ਸੰਪਤੀਆਂ ਵੀ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਸਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਵੱਲੋਂ ਪਹਿਲਾਂ ਹੀ ਦਰਜਨ ਦੇ ਕਰੀਬ ਸੰਪਤੀਆਂ ਨੂੰ ਨਿੱਜੀ ਹੱਥਾਂ ਵਿੱਚ ਸੌਂਪੇ ਜਾਣ ਦੀ ਗੱਲ ਆਖੀ ਗਈ ਹੈ।