ਟ੍ਰਿਬਿਊਨ ਨਿਊਜ਼ ਸਰਵਿਸ
ਨਵੀਂ ਦਿੱਲੀ, 10 ਫਰਵਰੀ
ਅਮਨੈਸਟੀ ਇੰਟਰਨੈਸ਼ਨਲ ਨੇ ਭਾਰਤ ਸਰਕਾਰ ਨੂੰ ਪੱਤਰਕਾਰਾਂ, ਮੁਜ਼ਾਹਰਾਕਾਰੀਆਂ ਤੇ ਕਿਸਾਨ ਆਗੂਆਂ ਨੂੰ ਨਿਸ਼ਾਨਾ ਬਣਾਉਣਾ ਬੰਦ ਕਰਨ ਲਈ ਕਿਹਾ ਹੈ। ਮਨੁੱਖੀ ਅਧਿਕਾਰਾਂ ਬਾਰੇ ਸੰਸਥਾ ਨੇ ਬਿਆਨ ਜਾਰੀ ਕਰਦਿਆਂ ਭਾਰਤ ਸਰਕਾਰ ਨੂੰ ਕਿਹਾ ਹੈ ਕਿ ਸ਼ਾਂਤਮਈ ਢੰਗ ਨਾਲ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਜੋ ਲੋਕ ਗ੍ਰਿਫ਼ਤਾਰ ਕੀਤੇ ਗਏ, ਨੂੰ ਬਿਨਾਂ ਸ਼ਰਤ ਤੇ ਤੁਰੰਤ ਰਿਹਾਅ ਕੀਤਾ ਜਾਵੇ। ਅਮਨੈਸਟੀ ਇੰਟਰਨੈਸ਼ਨਲ ਨੇ ਟਵੀਟ ਕੀਤਾ, ‘ਭਾਰਤ ਸਰਕਾਰ ਨੂੰ ਦੇਸ਼ ਭਰ ’ਚ ਨਵੇਂ ਤਿੰਨੇਂ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਅੰਦੋਲਨ ਦੇ ਮੱਦੇਨਜ਼ਰ ਮੁਜ਼ਾਹਰਾਕਾਰੀਆਂ, ਕਿਸਾਨ ਆਗੂਆਂ ਤੇ ਪੱਤਰਕਾਰਾਂ ਨੂੰ ਨਿਸ਼ਾਨਾ ਬਣਾਉਣਾ ਬੰਦ ਕਰਨਾ ਚਾਹੀਦਾ ਹੈ।’ ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ‘ਦਿ ਕਾਰਵਾਂ’ ਲਈ ਆਜ਼ਾਦਾਨਾ ਤੌਰ ’ਤੇ ਕੰਮ ਕਰਦੇ ਪੱਤਰਕਾਰ ਮਨਦੀਪ ਪੂਨੀਆ ਨੂੰ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਤੇ ਉਸ ਨੂੰ 14 ਦਿਨ ਲਈ ਹਿਰਾਸਤ ’ਚ ਰੱਖੇ ਜਾਣ ਮਗਰੋਂ ਅਮਨੈਸਟੀ ਇੰਟਰਨੈਸ਼ਨਲ ਦਾ ਇਹ ਬਿਆਨ ਸਾਹਮਣੇ ਆਇਆ ਹੈ। ਮਨਦੀਪ ਪੂਨੀਆ ਨੂੰ ਬਾਅਦ ਵਿੱਚ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ ਸੀ।