ਕੂਚ ਬਿਹਾਰ/ਕੋਲਕਾਤਾ, 1 ਜੁਲਾਈ
ਪੱਛਮੀ ਬੰਗਾਲ ਦੇ ਰਾਜਪਾਲ ਸੀ.ਵੀ. ਆਨੰਦ ਬੋਸ ਨੇ ਅੱਜ ਹਿੰਸਾ ਪ੍ਰਭਾਵਿਤ ਕੂਚ ਬਿਹਾਰ ਜ਼ਿਲ੍ਹੇ ਦੇ ਦਿਨਹਾਟਾ ਦਾ ਦੌਰਾ ਕੀਤਾ ਅਤੇ ਪੰਚਾਇਤੀ ਚੋਣਾਂ ਤੋਂ 27 ਜੂਨ ਨੂੰ ਗੋਲੀਬਾਰੀ ਦੀ ਇੱਕ ਘਟਨਾ ਵਿੱਚ ਮਾਰੇ ਗਏ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ। ਰਾਜਪਾਲ ਨੇ ਕੂਚ ਬਿਹਾਰ ਦੇ ਹਸਪਤਾਲ ਦਾ ਦੌਰਾ ਵੀ ਕੀਤਾ, ਜਿੱਥੇ ਝੜਪਾਂ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਜ਼ੇਰੇ ਇਲਾਜ ਹਨ। ਆਨੰਦ ਬੋਸ ਸੂਬੇ ਦੇ ਉੱਤਰੀ ਜ਼ਿਲ੍ਹਿਆਂ ਦੇ ਦੌਰੇ ’ਤੇ ਹਨ। ਇਸ ਤੋਂ ਪਹਿਲਾਂ ਦਿਨ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਨਿਸਿਤ ਪ੍ਰਮਾਣਿਕ ਨੇ ਜ਼ਿਲ੍ਹੇ ਦੇ ਸਰਕਟ ਹਾਊਸ ਵਿੱਚ ਰਾਜਪਾਲ ਨਾਲ ਮੁਲਾਕਾਤ ਕੀਤੀ ਸੀ। ਰਾਜਪਾਲ ਨੇ ਮਾਰਕਸਵਾਦੀ ਕਮਿਊਨਿਸਟ ਪਾਰਟੀ, ਕਾਂਗਰਸ ਅਤੇ ਭਾਜਪਾ ਦੇ ਉਮੀਦਵਾਰਾਂ ਅਤੇ ਆਗੂਆਂ ਨਾਲ ਵੀ ਗੱਲਬਾਤ ਕੀਤੀ। ਦਿਨਹਾਟਾ ਵਿੱਚ ਮੰਗਲਵਾਰ ਸਵੇਰੇ ਦੋ ਧੜਿਆਂ ਵਿਚਾਲੇ ਦੀ ਝੜਪ ਦੌਰਾਨ ਹੋਈ ਗੋਲੀਬਾਰੀ ਦੀ ਘਟਨਾ ’ਚ ਇੱਕ ਵਿਅਕਤੀ ਦੀ ਮੌਤ ਹੋ ਗਈ ਸੀ ਅਤੇ ਚਾਰ ਹੋਰ ਜ਼ਖ਼ਮੀ ਹੋ ਗਏ ਸਨ। ਪੁਲੀਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਹੱਤਿਆ ਵਿੱਚ ਸ਼ਾਮਲ ਹੋਣ ਦੇ ਦੋਸ਼ ਹੇਠ ਘੱਟੋ-ਘੱਟ ਚਾਰ ਜਣਿਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਪ੍ਰਮਾਣਿਕ ਅਤੇ ਵਿਰੋਧੀ ਧਿਰਾਂ ਦੇ ਆਗੂਆਂ ਨੇ ਬੋਸ ਨੂੰ ਇਹ ਯਕੀਨੀ ਬਣਾਉਣ ਦੀ ਅਪੀਲ ਕੀਤੀ ਕਿ ਕਾਨੂੰਨ ਵਿਵਸਥਾ ਕਾਇਮ ਰਹੇ ਅਤੇ ਲੋਕ ਪੰਚਾਇਤੀ ਚੋਣਾਂ ਵਿੱਚ ਬਿਨਾਂ ਕਿਸੇ ਡਰ ਦੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣ। -ਪੀਟੀਆਈ
ਕਾਂਗਰਸੀ ਉਮੀਦਵਾਰ ਵੱਲੋਂ ਘਰ ’ਚ ਅੱਗ ਲਾਉਣ ਦੇ ਦੋਸ਼
ਇੱਕ ਅਧਿਕਾਰੀ ਨੇ ਦੱਸਿਆ ਕਿ ਕੂਚ ਬਿਹਾਰ ਦੇ ਓਕਰਾਬਾਰੀ ਖੇਤਰ ਵਿੱਚ ਸ਼ੁੱਕਰਵਾਰ ਦੇਰ ਰਾਤ ਮੁੜ ਤੋਂ ਤਣਾਅ ਪੈਦਾ ਹੋ ਗਿਆ। ਓਕਰਾਬਾਰੀ ਵਿੱਚ ਕਾਂਗਰਸ ਦੇ ਇੱਕ ਉਮੀਦਵਾਰ ਦੇ ਪਰਿਵਾਰ ਨੇ ਦੱਸਿਆ ਕਿ ਸੱਤਾਧਾਰੀ ਤ੍ਰਿਣਮੂਲ ਕਾਂਗਰਸ ਦੇ ਸਮਰਥਕਾਂ ਨੇ ਉਨ੍ਹਾਂ ਦੇ ਘਰ ’ਤੇ ਬੰਬ ਸੁੱਟੇ, ਜਿਸ ਕਾਰਨ ਅੱਗ ਲੱਗ ਗਈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਅੱਗ ਬੁਝਾਉਣ ਲਈ ਇੱਕ ਫਾਇਰ ਟੈਂਡਰ ਲਗਾਇਆ ਗਿਆ ਹੈ ਅਤੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।