ਨਵੀਂ ਦਿੱਲੀ, 13 ਦਸੰਬਰ
ਕਾਂਗਰਸ ਸੰਸਦੀ ਦਲ ਦੇ ਆਗੂ ਅਧੀਰ ਰੰਜਨ ਚੌਧਰੀ ਨੇ ਅੱਜ ਲੋਕ ਸਭਾ ਵਿੱਚ ਮੰਗ ਕੀਤੀ ਕਿ ਸਰਕਾਰ ਕ੍ਰਿਪਟੋਕਰੰਸੀ ਨੂੰ ਲੈ ਕੇ ਆਪਣੀ ਸਥਿਤੀ ਸਪਸ਼ਟ ਕਰੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਟਵਿੱਟਰ ਹੈਂਡਲ ਹੈਕ ਹੋਣਾ ਗੰਭੀਰ ਸੁਰੱਖਿਆ ਚੁਣੌਤੀਆਂ ਵੱਲ ਇਸ਼ਾਰਾ ਕਰਦਾ ਹੈ। ਲੋਕ ਸਭਾ ਵਿੱਚ ਸਿਫ਼ਰ ਕਾਲ ਦੌਰਾਨ ਇਹ ਮੁੱਦਾ ਚੁੱਕਦਿਆਂ ਚੌਧਰੀ ਨੇ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਦਾ ਟਵਿੱਟਰ ਹੈਂਡਲ ਸੁਰੱਖਿਅਤ ਨਹੀਂ ਤਾਂ ਫਿਰ ਆਮ ਲੋਕਾਂ ਦੇ ਟਵਿੱਟਰ ਖਾਤੇ ਕਿਵੇਂ ਸੁਰੱਖਿਅਤ ਹੋ ਸਕਦੇ ਹਨ।
ਕਾਂਗਰਸੀ ਆਗੂ ਨੇ ਕਿਹਾ, ‘‘ਅਜਿਹੇ ਸਮੇਂ ਜਦੋਂ ਸਰਕਾਰ ਕ੍ਰਿਪਟੋਕਰੰਸੀ ’ਤੇ ਪਾਬੰਦੀ ਲਾਉਣ ਬਾਰੇ ਵਿਚਾਰ ਕਰ ਰਹੀ ਹੈ, ਪ੍ਰਧਾਨ ਮੰਤਰੀ ਦੇ ਟਵਿੱਟਰ ਹੈਂਡਲ ਨਾਲ ਛੇੜਛਾੜ ਤੇ ਇਹ ਟਵੀਟ ਕੀਤੇ ਜਾਣਾ ਕਿ ਸਰਕਾਰ ਨੇ ਕ੍ਰਿਪਟੋਕਰੰਸੀ ਨੂੰ ਕਾਨੂੰਨੀ ਮਾਨਤਾ ਦੇਣ ਦੀ ਤਿਆਰੀ ਖਿੱਚ ਲਈ ਹੈ ਤੇ ਨਾਗਰਿਕਾਂ ਵਿੱਚ ਵੰਡਣ ਲਈ 500 ਬਿਟਕੁਆਇਨ ਖਰੀਦੇ ਗਏ ਹਨ, ਦੇਸ਼ ਅੱਗੇ ਸਭ ਤੋਂ ਵੱਡਾ ਸੁਰੱਖਿਆ ਮਸਲਾ ਹੈ।’’ -ਪੀਟੀਆਈ