ਨਵੀਂ ਦਿੱਲੀ, 4 ਮਈ
ਸੈਂਟਰਲ ਵਿਸਟਾ ਪ੍ਰਾਜੈਕਟ ਲਈ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਨੇ ਅੱਜ ਕਿਹਾ ਕਿ ਅਜਿਹੇ ਸਮੇਂ ਜਦੋਂ ਲੋਕ ਆਕਸੀਜਨ ਤੇ ਟੀਕਿਆਂ ਦੀ ਕਮੀ ਕਾਰਨ ਪ੍ਰੇਸ਼ਾਨ ਹਨ, ਸਰਕਾਰ ਨੂੰ ਪ੍ਰਧਾਨ ਮੰਤਰੀ ਦਾ ਨਵਾਂ ਘਰ ਬਣਾਉਣ ਦੀ ਥਾਂ ਸਾਰੇ ਸਰੋਤਾਂ ਦੀ ਵਰਤੋਂ ਲੋਕਾਂ ਦੀ ਜਾਨ ਬਚਾਉਣ ਲਈ ਕਰਨੀ ਚਾਹੀਦੀ ਹੈ।
ਕੇਂਦਰੀ ਲੋਕ ਨਿਰਮਾਣ ਵਿਭਾਗ (ਸੀਪੀਡਬਲਿਊਡੀ) ਵੱਲੋਂ ਸੈਂਟਰਲ ਵਿਸਟਾ ਪ੍ਰਾਜੈਕਟ ਤਹਿਤ ਪ੍ਰਧਾਨ ਮੰਤਰੀ ਦੀ ਰਿਹਾਇਸ਼ ਦਸੰਬਰ 2022 ਤੱਕ ਮੁਕੰਮਲ ਕਰ ਦਿੱਤੇ ਜਾਣ ਸਬੰਧੀ ਰਿਪੋਰਟਾਂ ਸਾਹਮਣੇ ਆਉਣ ਤੋਂ ਬਾਅਦ ਕਾਂਗਰਸ ਆਗੂ ਨੇ ਸਰਕਾਰ ਦੀ ਆਲੋਚਨਾ ਕੀਤੀ ਹੈ। ਪ੍ਰਿਯੰਕਾ ਨੇ ਟਵੀਟ ਕੀਤਾ, ‘ਮੌਜੂਦਾ ਸਮੇਂ ਜਦੋਂ ਦੇਸ਼ ਦੇ ਲੋਕ ਆਕਸੀਜਨ, ਟੀਕਿਆਂ, ਹਸਪਤਾਲਾਂ ’ਚ ਬੈੱਡਾਂ ਤੇ ਦਵਾਈਆਂ ਦੀ ਘਾਟ ਕਾਰਨ ਪ੍ਰੇਸ਼ਾਨ ਹੋ ਰਹੇ ਹਨ ਤਾਂ ਸਰਕਾਰ ਨੂੰ ਸਾਰੇ ਸਰੋਤਾਂ ਦੀ ਵਰਤੋਂ ਲੋਕਾਂ ਦੀ ਜਾਨ ਬਚਾਉਣ ਲਈ ਕਰਨੀ ਚਾਹੀਦੀ ਹੈ ਨਾ ਕਿ 1300 ਕਰੋੜ ਰੁਪਏ ਦੀ ਲਾਗਤ ਨਾਲ ਪ੍ਰਧਾਨ ਮੰਤਰੀ ਦਾ ਨਵਾਂ ਘਰ ਉਸਾਰਿਆ ਜਾਣਾ ਚਾਹੀਦਾ ਹੈ।’ ਉਨ੍ਹਾਂ ਕਿਹਾ ਕਿ ਅਜਿਹੇ ਕਦਮ ਨਾਲ ਲੋਕਾਂ ’ਚ ਇਹ ਸੁਨੇਹਾ ਜਾਵੇਗਾ ਕਿ ਸਰਕਾਰ ਲਈ ਲੋਕਾਂ ਦੀ ਥਾਂ ਹੋਰ ਚੀਜ਼ਾਂ ਦੀ ਅਹਿਮੀਅਤ ਵੱਧ ਹੈ। -ਪੀਟੀਆਈ