ਨਵੀਂ ਦਿੱਲੀ: ਕਾਂਗਰਸ ਆਗੂ ਰਾਹੁਲ ਗਾਂਧੀ ਨੇ ਸਰਕਾਰ ਨੂੰ ਕਿਹਾ ਹੈ ਕਿ ਉਹ ਯੂਕਰੇਨ ’ਚ ਫਸੇ ਭਾਰਤੀਆਂ ਨੂੰ ਸੁਰੱਖਿਅਤ ਕੱਢਣ ਦੀ ਆਪਣੀ ਯੋਜਨਾ ਉਨ੍ਹਾਂ ਦੇ ਪਰਿਵਾਰਾਂ ਨਾਲ ਸਾਂਝੀ ਕਰੇ। ਉਨ੍ਹਾਂ ਕਿਹਾ ਕਿ ਮੁਲਕ ਆਪਣੇ ਲੋਕਾਂ ਨੂੰ ਇਕੱਲਿਆ ਨਹੀਂ ਛੱਡ ਸਕਦਾ ਹੈ। ਉਨ੍ਹਾਂ ਕੁਝ ਵਿਦਿਆਰਥੀਆਂ ਨੂੰ ਫ਼ੌਜ ਵੱਲੋਂ ਕੁੱਟੇ ਜਾਣ ਦੇ ਮਾਮਲੇ ਦੀ ਵੀਡੀਓ ਵੀ ਸਾਂਝੀ ਕੀਤੀ ਹੈ। ਰਾਹੁਲ ਨੇ ਕਿਹਾ,‘‘ਅਜਿਹੀ ਹਿੰਸਾ ਦਾ ਸ਼ਿਕਾਰ ਹੋ ਰਹੇ ਭਾਰਤੀ ਵਿਦਿਆਰਥੀਆਂ ਅਤੇ ਇਹ ਵੀਡੀਓ ਦੇਖ ਰਹੇ ਉਨ੍ਹਾਂ ਦੇ ਪਰਿਵਾਰਾਂ ਨਾਲ ਮੇਰੀ ਹਮਦਰਦੀ ਹੈ। ਕਿਸੇ ਵੀ ਮਾਪੇ ਨੂੰ ਇਸ ਹਾਲਾਤ ’ਚੋਂ ਨਹੀਂ ਗੁਜ਼ਰਨਾ ਚਾਹੀਦਾ ਹੈ।’’ ਪਾਰਟੀ ਦੇ ਮੁੱਖ ਤਰਜਮਾਨ ਰਣਦੀਪ ਸੁਰਜੇਵਾਲਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਹਾ ਕਿ ਉਹ ਵੀ ਭਾਰਤੀ ਬੱਚਿਆਂ ’ਤੇ ਹੋ ਰਹੇ ਤਸ਼ੱਦਦ ਨੂੰ ਦੇਖ ਕੇ ਦੁਖੀ ਹੋ ਜਾਣਗੇ। ‘ਕੀ ਬੰਬਾਂ ਅਤੇ ਮਿਜ਼ਾਈਲਾਂ ਤੋਂ ਆਪਣੀ ਜਾਨ ਬਚਾਉਣ ਦੀ ਕੋਸ਼ਿਸ਼ ਕਰ ਰਹੇ ਭਾਰਤੀ ਅਜਿਹੇ ਜ਼ੁਲਮ ਦੇ ਹੱਕਦਾਰ ਹਨ?’ ਉਨ੍ਹਾਂ ਟਵੀਟ ਕਰਕੇ ਕਿਹਾ ਕਿ ਸਲਾਹਾਂ ਦੇਣ ਦੀ ਬਜਾਏ ਹਜ਼ਾਰਾਂ ਭਾਰਤੀਆਂ ਨੂੰ ਯੂਕਰੇਨ ’ਚੋਂ ਸੁਰੱਖਿਅਤ ਕੱਢਣ ਦੀ ਤੁਹਾਡੇ ਕੋਲ ਕੀ ਕੋਈ ਯੋਜਨਾ ਹੈ। ‘ਕੀ ਤੁਸੀਂ ਚੋਣ ਪ੍ਰਚਾਰ ਬੰਦ ਕਰੋਗੇ ਅਤੇ ਆਪਣੇ ਫਰਜ਼ਾਂ ਨੂੰ ਨਿਭਾਉਗੇ?’ ਕਾਂਗਰਸ ਆਗੂ ਸ਼ਸ਼ੀ ਥਰੂਰ ਨੇ ਵੀ ਕਿਹਾ ਕਿ ਗਲਤ ਰਣਨੀਤੀ ਅਤੇ ਦੂਰਅੰਦੇਸ਼ੀ ਦੀ ਘਾਟ ਕਾਰਨ ਮੁਲਕ ਦੇ ਹਜ਼ਾਰਾਂ ਬੱਚੇ ਯੂਕਰੇਨ ’ਚ ਫਸੇ ਹੋਏ ਹਨ।
ਉਨ੍ਹਾਂ ਕਿਹਾ,‘‘ਹਾਲਾਤ ਹੋਰ ਵਿਗੜਦੇ ਜਾ ਰਹੇ ਹਨ ਅਤੇ ਸਮਾਂ ਲੰਘਦਾ ਜਾ ਰਿਹਾ ਹੈ। ਭਾਰਤੀ ਨਾਗਰਿਕਾਂ ਦੀ ਸੁਰੱਖਿਆ ਅਤੇ ਉਨ੍ਹਾਂ ਦੀ ਜ਼ਿੰਦਗੀ ਬਚਾਉਣਾ ਸਾਡਾ ਸਭ ਤੋਂ ਪਹਿਲਾ ਫਰਜ਼ ਹੋਣਾ ਚਾਹੀਦਾ ਹੈ।’’ ਰਾਜ ਸਭਾ ’ਚ ਵਿਰੋਧੀ ਧਿਰ ਦੇ ਆਗੂ ਮਲਿਕਾਰਜੁਨ ਖੜਗੇ ਨੇ ਟਵਿੱਟਰ ’ਤੇ ਕਿਹਾ ਕਿ ਜ਼ਿਆਦਾਤਰ ਵਿਦਿਆਰਥੀ ਆਖ ਰਹੇ ਹਨ ਕਿ ਉਨ੍ਹਾਂ ਨੂੰ ਭਾਰਤ ਸਰਕਾਰ ਤੋਂ ਕੋਈ ਸਹਾਇਤਾ ਨਹੀਂ ਮਿਲੀ ਹੈ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਭਾਸ਼ਣ ਦੇਣ ਦੀ ਬਜਾਏ 20 ਹਜ਼ਾਰ ਵਿਦਿਆਰਥੀਆਂ ਨੂੰ ਮੁਲਕ ਲਿਆਉਣ ’ਤੇ ਧਿਆਨ ਕੇਂਦਰਤ ਕਰਨਾ ਚਾਹੀਦਾ ਹੈ। ਕਾਂਗਰਸ ਦੀ ਇਕ ਹੋਰ ਤਰਜਮਾਨ ਰਾਗਿਨੀ ਨਾਇਕ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ,‘‘ਪ੍ਰਧਾਨ ਮੰਤਰੀ ਜੀ ਚੋਣਾਂ ’ਚ ਫਸੇ ਹੋਏ ਹਨ। ਸ਼ਹਿਰੀ ਹਵਾਬਾਜ਼ੀ ਮੰਤਰੀ (ਜਯੋਤਿਰਦਿੱਤਿਆ ਸਿੰਧੀਆ) ਭਾਜਪਾ ਦੀ ਮੈਂਬਰਸ਼ਿਪ ਮੁਹਿੰਮ ’ਚ ਫਸੇ ਹੋਏ ਹਨ। ਸਾਡੇ ਬੱਚੇ ਯੂਕਰੇਨ ’ਚ ਦਰਦਨਾਕ ਹਾਲਾਤ ’ਚ ਫਸੇ ਹੋਏ ਹਨ।’’
ਉਨ੍ਹਾਂ ਕਿਹਾ ਕਿ ਕੁਝ ਵਿਦਿਆਰਥੀਆਂ ਨੂੰ ਵਾਪਸ ਲਿਆਉਣ ਦਾ ਲਾਹਾ ਲੈਣ ਦੀ ਬਜਾਏ ਸਰਕਾਰ ਨੂੰ ਯੂਕਰੇਨ ’ਚ ਫਸੇ ਬਾਕੀ ਵਿਦਿਆਰਥੀਆਂ ਨੂੰ ਵੀ ਮੁਲਕ ਲਿਆਉਣ ਦੀ ਤਰਜੀਹ ਦੇਣੀ ਚਾਹੀਦੀ ਹੈ। ਮੋਦੀ ਸਰਕਾਰ ਦੀ ਵਿਦੇਸ਼ ਨੀਤੀ ਨੂੰ ਨਾਕਾਮ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਗੁਆਂਢੀ ਮੁਲਕ ਆਪਣੇ ਨਾਗਰਿਕਾਂ ਨੂੰ ਬਹੁਤ ਪਹਿਲਾਂ ਹੀ ਵਾਪਸ ਲਿਆਉਣ ’ਚ ਕਾਮਯਾਬ ਰਹੇ ਹਨ। -ਪੀਟੀਆਈ