ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 27 ਦਸੰਬਰ
ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਦੇਸ਼ ਭਰ ਵਿੱਚ ਚੱਲ ਰਹੇ ਕਿਸਾਨ ਸੰਘਰਸ਼ ਦੀ ਅਗਵਾਈ ਕਰ ਰਹੇ ਕੌਮੀ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨ ਜਥੇਬੰਦੀਆਂ ਨੇ ਹਰਿਆਣਾ ਵਿੱਚ ਟੌਲ ਪਲਾਜ਼ੇ ਤੀਜੇ ਦਿਨ ਵੀ ਪਰਚੀ ਮੁਕਤ ਰੱਖੇ। ਇਸ ਦੇ ਨਾਲ ਹੀ ਉਨ੍ਹਾਂ ਸਾਰੇ ਟੌਲ ਪਲਾਜ਼ੇ ਕਾਨੂੰਨ ਰੱਦ ਹੋਣ ਤੱਕ ਪਰਚੀ ਮੁਕਤ ਰੱਖਣ ਦਾ ਐਲਾਨ ਕੀਤਾ ਹੈ ਤੇ ਇਸ ਲਈ ਕਿਸਾਨ ਜਥੇਬੰਦੀਆਂ ਦੇ ਆਗੂਆਂ ਵੱਲੋਂ 28 ਦਸੰਬਰ ਤੋਂ ਹੀ ਟੌਲ ਪਲਾਜ਼ਿਆਂ ’ਤੇ ਧਰਨੇ ਸ਼ੁਰੂ ਕਰ ਦਿੱਤੇ ਜਾਣਗੇ। ਇਸ ਗੱਲ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਗੁਰਨਾਮ ਸਿੰਘ ਚੜੂਨੀ ਨੇ ਕੀਤਾ ਹੈ।
ਭਾਰਤੀ ਕਿਸਾਨ ਯੂਨੀਅਨ ਵੱਲੋਂ ਹਰਿਆਣਾ ਵਿੱਚ 25 ਤੋਂ 27 ਦਸੰਬਰ ਤੱਕ ਟੌਲ ਪਲਾਜ਼ੇ ਪਰਚੀ ਮੁਕਤ ਰੱਖਣ ਦੇ ਸੱਦੇ ਤਹਿਤ ਗੁਰਨਾਮ ਸਿੰਘ ਚੜੂਨੀ ਨੇ ਸੂਬੇ ਵਿੱਚ ਵੱਖ ਵੱਖ ਟੌਲ ਪਲਾਜ਼ਿਆ ’ਤੇ ਪਹੁੰਚ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਦੇ ਵਿਰੋਧ ਵਿੱਚ ਥਾਲੀਆਂ ਖੜਕਾਈਆਂ ਅਤੇ ਕਿਸਾਨਾਂ ਨੂੰ ਸੰਬੋਧਨ ਕੀਤਾ। ਇਸ ਦੌਰਾਨ ਕਿਸਾਨ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਸੂਬੇ ਦੇ ਸਾਰੇ ਟੌਲ ਪਲਾਜ਼ਿਆਂ ਨੂੰ ਪਰਚੀ ਮੁਕਤ ਰੱਖਣ ਦਾ ਫ਼ੈਸਲਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾ ਮੰਨਦੇ ਹੋਏ ਤਿੰਨੋਂ ਖੇਤੀ ਕਾਨੂੰਨ ਰੱਦ ਨਹੀਂ ਕਰਦੀ ਉਸ ਸਮੇਂ ਤੱਕ ਹਰਿਆਣਾ ਦੇ ਟੌਲ ਪਲਾਜ਼ੇ ਪਰਚੀ ਮੁਕਤ ਰੱਖੇ ਜਾਣਗੇ।
ਸ੍ਰੀ ਚੜੂਨੀ ਨੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਹਰ ਟੌਲ ਪਲਾਜ਼ੇ ਲਈ ਟੀਮ ਤਿਆਰ ਕਰ ਦੇਣ ਜਿਨ੍ਹਾਂ ਵੱਲੋਂ ਟੌਲ ਪਲਾਜ਼ਿਆਂ ’ਤੇ 24 ਘੰਟੇ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨ ਕਾਰਪੋਰੇਟ ਘਰਾਣਿਆਂ ਦੇ ਹੱਕ ਵਿੱਚ ਹਨ। ਇਸ ਲਈ ਕਿਸਾਨਾਂ ਨੇ ਕਾਰਪੋਰੇਟ ਘਰਾਣਿਆਂ ਦੇ ਸਾਮਾਨ ਅਤੇ ਸੇਵਾਵਾਂ ਦਾ ਬਾਈਕਾਟ ਦਾ ਵੀ ਐਲਾਨ ਕੀਤਾ ਹੈ।