ਬਰੇਲੀ (ਯੂਪੀ): ਸੰਸਦ ਮੈਂਬਰਾਂ ਤੇ ਵਿਧਾਇਕਾਂ ਲਈ ਵਿਸ਼ੇਸ਼ ਅਦਾਲਤ ਨੇ ਅੱਜ ਸਮਾਜਵਾਦੀ ਪਾਰਟੀ ਦੇ ਸੀਨੀਅਰ ਨੇਤਾ ਆਜ਼ਮ ਖਾਨ ਨੂੰ ਨਫਰਤੀ ਭਾਸ਼ਣ ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ ਹੈ। ਸਮਾਜਵਾਦੀ ਆਗੂ ਨੇ 2019 ਦੇ ਨਫ਼ਰਤੀ ਭਾਸ਼ਣ ਮਾਮਲੇ ਵਿੱਚ ਆਪਣੀ ਸਜ਼ਾ ਨੂੰ ਸੈਸ਼ਨ ਅਦਾਲਤ ਵਿੱਚ ਚੁਣੌਤੀ ਦਿੱਤੀ ਹੈ। ਇਸ ਮਾਮਲੇ ਵਿੱਚ ਦੋਸ਼ੀ ਠਹਿਰਾਏ ਜਾਣ ਅਤੇ ਸਜ਼ਾ ਸੁਣਾਏ ਜਾਣ ਤੋਂ ਬਾਅਦ ਸਮਾਜਵਾਦੀ ਆਗੂ ਨੂੰ ਉੱਤਰ ਪ੍ਰਦੇਸ਼ ਵਿਧਾਨ ਸਭਾ ਤੋਂ ਅਯੋਗ ਕਰਾਰ ਦੇ ਦਿੱਤਾ ਗਿਆ ਸੀ। ਖਾਨ ਦੇ ਵਕੀਲ ਜ਼ੁਬੈਰ ਅਹਿਮਦ ਨੇ ਕਿਹਾ ਕਿ ਵਿਸ਼ੇਸ਼ ਅਦਾਲਤ ਦੇ ਜੱਜ ਆਲੋਕ ਦੂਬੇ ਨੇ 27 ਅਕਤੂਬਰ ਨੂੰ ਨੇਤਾ ਨੂੰ 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਨਫ਼ਰਤੀ ਭਾਸ਼ਣ ਦੇਣ ਲਈ ਤਿੰਨ ਸਾਲ ਦੀ ਸਜ਼ਾ ਸੁਣਾਈ ਸੀ। ਵਕੀਲ ਨੇ ਕਿਹਾ ਕਿ ਉਸ ਸਮੇਂ ਖਾਨ ਨੂੰ ਅੰਤਰਿਮ ਜ਼ਮਾਨਤ ਦਿੱਤੀ ਗਈ ਸੀ ਅਤੇ ਉਨ੍ਹਾਂ ਅਦਾਲਤ ਵਿੱਚ ਨਿਯਮਤ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ। ਦੋਹਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਖਾਨ ਨੂੰ ਅੱਜ ਪੱਕੀ ਜ਼ਮਾਨਤ ਦੇ ਦਿੱਤੀ। ਸ੍ਰੀ ਖਾਨ ਵਿਧਾਨ ਸਭਾ ‘ਚ ਰਾਮਪੁਰ ਸਦਰ ਦੀ ਨੁਮਾਇੰਦਗੀ ਕਰਦੇ ਸਨ। ਰਾਮਪੁਰ ਸਦਰ ਹਲਕੇ ਦੀ ਜ਼ਿਮਨੀ ਚੋਣ 5 ਦਸੰਬਰ ਨੂੰ ਹੋਵੇਗੀ। -ਪੀਟੀਆਈ