ਸੁਲਤਾਨਪੁਰ, 27 ਮਈ
ਇਥੋਂ ਦੀ ਐੱਮਪੀ-ਐੱਮਐੱਲਏ ਅਦਾਲਤ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਖ਼ਿਲਾਫ਼ 2018 ਦੇ ਮਾਣਹਾਨੀ ਕੇਸ ਦੀ ਸੁਣਵਾਈ 7 ਜੂਨ ਲਈ ਨਿਰਧਾਰਿਤ ਕਰ ਦਿੱਤੀ ਹੈ। ਰਾਹੁਲ ’ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਦਾ ਦੋਸ਼ ਹੈ। ਭਾਜਪਾ ਆਗੂ ਵਿਜੈ ਮਿਸ਼ਰਾ ਨੇ ਰਾਹੁਲ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ।
ਰਾਹੁਲ ਦੇ ਵਕੀਲ ਕਾਸ਼ੀ ਪ੍ਰਸਾਦ ਸ਼ੁਕਲਾ ਨੇ ਅਦਾਲਤ ’ਚ ਅਰਜ਼ੀ ਦਿੱਤੀ ਕਿ ਉਨ੍ਹਾਂ ਦਾ ਮੁਵੱਕਿਲ ਲੋਕ ਸਭਾ ਚੋਣਾਂ ਦੇ ਪ੍ਰਚਾਰ ’ਚ ਰੁੱਝਿਆ ਹੋਇਆ ਹੈ ਅਤੇ ਉਸ ਨੂੰ ਅਦਾਲਤ ’ਚ ਪੇਸ਼ ਹੋਣ ਲਈ ਹੋਰ ਸਮੇਂ ਦੀ ਲੋੜ ਹੈ। ਇਸ ਮਗਰੋਂ ਜੱਜ ਸ਼ੁਭਮ ਵਰਮਾ ਨੇ ਸੁਣਵਾਈ 7 ਜੂਨ ਲਈ ਨਿਰਧਾਰਿਤ ਕਰ ਦਿੱਤੀ। ਸ਼ਿਕਾਇਤਕਰਤਾ ਦੇ ਵਕੀਲ ਸੰਤੋਸ਼ ਕੁਮਾਰ ਪਾਂਡੇ ਨੇ ਦਾਅਵਾ ਕੀਤਾ ਕਿ ਰਾਹੁਲ ਗਾਂਧੀ ਅਦਾਲਤ ’ਚ ਪੇਸ਼ ਹੋਣ ਤੋਂ ਬਚ ਰਿਹਾ ਹੈ। -ਪੀਟੀਆਈ