ਨਵੀਂ ਦਿੱਲੀ, 13 ਅਗਸਤ
ਸੁਪਰੀਮ ਕੋਰਟ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ’ਚ ਸੀਬੀਆਈ ਦੀ ਗ੍ਰਿਫ਼ਤਾਰੀ ਬਰਕਰਾਰ ਰੱਖਣ ਦੇ ਦਿੱਲੀ ਹਾਈ ਕੋਰਟ ਦੇ ਹੁਕਮਾਂ ਖ਼ਿਲਾਫ਼ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ’ਤੇ 14 ਅਗਸਤ ਨੂੰ ਸੁਣਵਾਈ ਕਰੇਗਾ। ਸੁਪਰੀਮ ਕੋਰਟ ਇਸ ਕੇਸ ਵਿੱਚ ਜ਼ਮਾਨਤ ਦੀ ਮੰਗ ਕਰਨ ਵਾਲੀ ਕੇਜਰੀਵਾਲ ਦੀ ਇੱਕ ਵੱਖਰੀ ਪਟੀਸ਼ਨ ’ਤੇ ਵੀ ਸੁਣਵਾਈ ਕਰੇਗਾ। ਆਮ ਆਦਮੀ ਪਾਰਟੀ ਦੇ ਕਨਵੀਨਰ ਦੀਆਂ ਦੋਵੇਂ ਪਟੀਸ਼ਨਾਂ ’ਤੇ ਜਸਟਿਸ ਸੂਰੀਆਕਾਂਤ ਤੇ ਜਸਟਿਸ ਉੱਜਲ ਭੂਈਆਂ ਦਾ ਬੈਂਚ ਸੁਣਵਾਈ ਕਰੇਗਾ। ਬੀਤੇ ਦਿਨ ਕੇਜਰੀਵਾਲ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਅਭਿਸ਼ੇਕ ਸਿੰਘਵੀ ਨੇ ਸੁਪਰੀਮ ਕੋਰਟ ਨੂੰ ਮਾਮਲੇ ’ਤੇ ਤੁਰੰਤ ਸੁਣਵਾਈ ਦੀ ਮੰਗ ਕੀਤੀ ਸੀ। ਲੰਘੀ 5 ਅਗਸਤ ਨੂੰ ਦਿੱਲੀ ਹਾਈ ਕੋਰਟ ਨੇ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਕਾਨੂੰਨੀ ਕਰਾਰ ਦਿੰਦਿਆਂ ਕਿਹਾ ਸੀ ਕਿ ਸੀਬੀਆਈ ਨੇ ਕੋਈ ਕੁਤਾਹੀ ਨਹੀਂ ਕੀਤੀ ਹੈ। -ਪੀਟੀਆਈ