ਨਵੀਂ ਦਿੱਲੀ: ਸਾਬਕਾ ਉੱਪ ਮੁੱਖ ਮੰਤਰੀ ਤੇ ‘ਆਪ’ ਦੇ ਨੇਤਾ ਮਨੀਸ਼ ਸਿਸੋਦੀਆ ਨੇ ਕਥਿਤ ਆਬਕਾਰੀ ਨੀਤੀ ਘੁਟਾਲੇ ਦੇ ਸਬੰਧ ਵਿੱਚ ਸੀਬੀਆਈ ਤੇ ਈਡੀ ਵੱਲੋਂ ਦਰਜ ਭ੍ਰਿਸ਼ਟਾਚਾਰ ਤੇ ਮਨੀ ਲਾਂਡਰਿੰਗ ਦੇ ਮਾਮਲਿਆਂ ’ਚ ਜ਼ਮਾਨਤ ਲਈ ਅੱਜ ਦਿੱਲੀ ਹਾਈ ਕੋਰਟ ਦਾ ਰੁਖ਼ ਕੀਤਾ ਹੈ। ਜਸਟਿਸ ਸਵਰਨ ਕਾਂਤਾ ਸ਼ਰਮਾ ਵੱਲੋਂ ਭਲਕੇ 3 ਮਈ ਨੂੰ ਇਨ੍ਹਾਂ ਜ਼ਮਾਨਤ ਪਟੀਸ਼ਨਾਂ ’ਤੇ ਸੁਣਵਾਈ ਕੀਤੀ ਜਾਵੇਗੀ। ਹੇਠਲੀ ਅਦਾਲਤ ਵੱਲੋਂ 30 ਅਪਰੈਲ ਨੂੰ ਜ਼ਮਾਨਤ ਅਰਜ਼ੀਆਂ ਖਾਰਜ ਕੀਤੇ ਜਾਣ ਮਗਰੋਂ ਸਿਸੋਦੀਆ ਨੇ ਹਾਈ ਕੋਰਟ ਤੱਕ ਪਹੁੰਚ ਕੀਤੀ ਹੈ। ਸਿਸੋਦੀਆ ਦੇ ਵਕੀਲਾਂ ਨੇ ਕਿਹਾ ਕਿ ਪਟੀਸ਼ਨਰ ਇੱਕ ਵਿਧਾਇਕ ਹੈ ਅਤੇ ਉਨ੍ਹਾਂ ਅਦਾਲਤ ਤੋਂ ਜ਼ਮਾਨਤ ਦੀ ਮੰਗ ਕਰਨ ਵਾਲੀਆਂ ਦੋਵਾਂ ਪਟੀਸ਼ਨਾਂ ਨੂੰ ਤਤਕਾਲ ਸੁਣਵਾਈ ਲਈ ਸੂਚੀਬੱਧ ਕਰਨ ਦੀ ਅਪੀਲ ਕੀਤੀ ਸੀ। -ਪੀਟੀਆਈ