ਨਵੀਂ ਦਿੱਲੀ, 19 ਅਕਤੂਬਰ
ਸੁਪਰੀਮ ਕੋਰਟ ਨੇ ਕੌਮੀ ਰਾਜਧਾਨੀ ’ਚ ਸੇਵਾਵਾਂ ’ਤੇ ਕੰਟਰੋਲ ਨੂੰ ਲੈ ਕੇ ਕੇਂਦਰ ਅਤੇ ਦਿੱਲੀ ਸਰਕਾਰ ਦੀਆਂ ਵਿਧਾਨਕ ਅਤੇ ਕਾਰਜਕਾਰੀ ਸ਼ਕਤੀਆਂ ਦੇ ਘੇਰੇ ਨਾਲ ਸਬੰਧਤ ਮੁੱਦਿਆਂ ’ਤੇ ਪੰਜ ਜੱਜਾਂ ਦੀ ਸੰਵਿਧਾਨਕ ਬੈਂਚ ਦੀ ਸੁਣਵਾਈ ਟਾਲ ਦਿੱਤੀ ਹੈ। ਜਸਟਿਸ ਡੀ ਵਾਈ ਚੰਦਰਚੂੜ ਅਤੇ ਹਿਮਾ ਕੋਹਲੀ ਦੇ ਬੈਂਚ ਨੇ ਕੇਂਦਰ ਵੱਲੋਂ ਪੇਸ਼ ਹੋਏ ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਦੀ ਬੇਨਤੀ ’ਤੇ ਸੁਣਵਾਈ ਦੀ ਤਰੀਕ ਅੱਗੇ ਵਧਾ ਦਿੱਤੀ। ਮਹਿਤਾ ਨੇ ਕਿਹਾ ਕਿ ਉਹ ਵਿਦੇਸ਼ ਯਾਤਰਾ ’ਤੇ ਹੋਣ ਕਾਰਨ 9 ਨਵੰਬਰ ਨੂੰ ਮੌਜੂਦ ਨਹੀਂ ਹੋਣਗੇ। ਬੈਂਚ ਨੇ ਇਸ ਮਗਰੋਂ ਮਾਮਲੇ ਦੀ ਸੁਣਵਾਈ 24 ਨਵੰਬਰ ਲਈ ਤੈਅ ਕਰ ਦਿੱਤੀ। ਸਿਖਰਲੀ ਅਦਾਲਤ ਨੇ 27 ਸਤੰਬਰ ਨੂੰ ਕਿਹਾ ਸੀ ਕਿ ਜਸਟਿਸ ਚੰਦਰਚੂੜ ਦੀ ਅਗਵਾਈ ਹੇਠ ਇਕ ਸੰਵਿਧਾਨਕ ਬੈਂਚ ਮਾਮਲੇ ’ਚ 9 ਨਵੰਬਰ ਤੋਂ ਰੋਜ਼ਾਨਾ ਸੁਣਵਾਈ ਸ਼ੁਰੂ ਕਰੇਗੀ। ਸੰਵਿਧਾਨਕ ਬੈਂਚ ’ਚ ਸ਼ਾਮਲ ਹੋਰ ਮੈਂਬਰਾਂ ’ਚ ਜਸਟਿਸ ਐੱਮ ਆਰ ਸ਼ਾਹ, ਜਸਟਿਸ ਕ੍ਰਿਸ਼ਨ ਮੁਰਾਰੀ, ਹਿਮਾ ਕੋਹਲੀ ਅਤੇ ਪੀ ਐੱਸ ਨਰਸਿਮਹਾ ਸ਼ਾਮਲ ਹਨ। ਇਸ ਤੋਂ ਪਹਿਲਾਂ ਸਿਖਰਲੀ ਅਦਾਲਤ ਨੇ 22 ਅਗਸਤ ਨੂੰ ਸੇਵਾਵਾਂ ’ਤੇ ਕੰਟਰੋਲ ਦੇ ਮੁੱਦੇ ’ਤੇ ਜਸਟਿਸ ਚੰਦਰਚੂੜ ਦੀ ਅਗਵਾਈ ਹੇਠ ਸੰਵਿਧਾਨਕ ਬੈਂਚ ਬਣਾਉਣ ਦਾ ਐਲਾਨ ਕੀਤਾ ਸੀ। -ਪੀਟੀਆਈ