ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 13 ਫਰਵਰੀ
ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਅੰਦੋਲਨ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚਾ ਨੇ ਅੱਜ ਮੰਗ ਕੀਤੀ ਹੈ ਕਿ 26 ਜਨਵਰੀ ਨੂੰ ਦਿੱਲੀ ਵਿੱਚ ਹੋਈ ਹਿੰਸਾ ਦੀ ਉੱਚ ਪੱਧਰੀ ਜੁਡੀਸ਼ਲ ਜਾਂਚ ਕਰਵਾਈ ਜਾਵੇ। ਇਥੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਸਾਨ ਨੇਤਾਵਾਂ ਨੇ ਕਿਹਾ ਕਿ ਟਰੈਕਟਰ ਪਰੇਡ ਵਿੱਚ ਹਿੱਸਾ ਲੈਣ ਵਾਲੇ 16 ਕਿਸਾਨ 26 ਜਨਵਰੀ ਤੋਂ ਹੀ ਲਾਪਤਾ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਕਿਸਾਨਾਂ ਨੂੰ ਝੂਠੇ ਕੇਸਾਂ ਵਿੱਚ ਫਸਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 122 ਕਿਸਾਨਾਂ ਨੂੰ ਦਿੱਲੀ ਪੁਲੀਸ ਨੇ ਗ੍ਰਿਫ਼ਤਾਰ ਕਰਕੇ ਵੱਖ ਵੱਖ ਧਾਰਾਵਾਂ ਹੇਠ 14 ਕੇਸ ਦਰਜ ਕੀਤੇ ਹਨ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਗ੍ਰਿਫ਼ਤਾਰ ਕੀਤੇ ਗਏ ਕਿਸਾਨਾਂ ਨੂੰ ਕਾਨੂੰਨੀ ਤੇ ਵਿੱਤੀ ਸਹਾਇਤਾ ਮੁਹੱਈਆ ਕਰਵਾਏਗਾ। ਮੋਰਚੇ ਦੇ ਆਗੂਆਂ ਨੇ ਦਿੱਲੀ ਪੁਲੀਸ ਵੱਲੋਂ ਨੋਟਿਸ ਪ੍ਰਾਪਤ ਕਰਨ ਵਾਲੇ ਕਿਸਾਨਾਂ ਨੂੰ ਤਾਕੀਦ ਕੀਤੀ ਕਿ ਉਹ ਸਿੱਧੇ ਪੁਲੀਸ ਕੋਲ ਨਾ ਜਾ ਕੇ ਮੋਰਚੇ ਦੇ ਵਕੀਲਾਂ ਦੇ ਪੈਨਲ ਨਾਲ ਰਾਬਤਾ ਬਣਾਉਣ ਤਾਂ ਜੋ ਨੋਟਿਸਾਂ ਦਾ ਜਵਾਬ ਕਾਨੂੰਨੀ ਤਰੀਕੇ ਨਾਲ ਦਿੱਤਾ ਜਾ ਸਕੇ। ਮੋਰਚੇ ਦੇ ਕਾਨੂੰਨੀ ਸੈੱਲ ਵੱਲੋਂ ਅੱਜ ਪਹਿਲੀ ਵਾਰ ਪ੍ਰੈਸ ਕਾਨਫਰੰਸ ਕਰਕੇ ਦੱਸਿਆ ਗਿਆ ਕਿ ਦਿੱਲੀ ਪੁਲੀਸ ਵੱਲੋਂ ਦਰਜ 44 ਮੁੱਕਦਮਿਆਂ ਵਿੱਚ 22 ਦੀਆਂ ਐੱਫਆਈਆਰਜ਼ ਦੀ ਕਾਪੀ ਹੀ ਮੋਰਚੇ ਕੋਲ ਹੈ ਤੇ 14 ਮੁੱਕਦਮਿਆਂ ਵਿੱਚ ਹੀ ਗ੍ਰਿਫ਼ਤਾਰੀਆਂ ਹੋਈਆਂ ਹਨ। ਸੈੱਲ ਦੇ ਕਨਵੀਨਰ ਪ੍ਰੇਮ ਸਿੰਘ ਭੰਗੂ ਨੇ ਦੱਸਿਆ ਕਿ ਮੋਗਾ ਦੇ ਰਣਜੀਤ ਸਿੰਘ ਤੇ ਨਵਾਂਸ਼ਹਿਰ ਦੇ ਕਾਜਮਪੁਰ ਦੇ ਰਣਜੀਤ ਸਿੰਘ ਤਿਹਾੜ ਅੰਦਰ ਚੜ੍ਹਦੀ ਕਲਾ ਵਿੱਚ ਹਨ ਤੇ ਬਾਕੀ। 10 ਕਿਸਾਨਾਂ ਨੂੰ ਜ਼ਮਾਨਤ ਮਿਲ ਚੁੱਕੀ ਹੈ ਤੇ 5 ਦੀਆਂ ਅਰਜ਼ੀਆਂ ਦਿੱਤੀਆਂ ਗਈਆਂ ਹਨ। ਉਨ੍ਹ੍ਵਾਂ ਦੱਸਿਆ ਕਿ ਬੰਦ 122 ਕਿਸਾਨਾਂ ਨੂੰ ਪ੍ਰਤੀ ਕਿਸਾਨ ਦੋ-ਦੋ ਹਜ਼ਾਰ ਰੁਪਏ ਸੋਮਵਾਰ ਨੂੰ ਖਾਤਿਆਂ ਵਿੱਚ ਭੇਜ ਕੇ ਸ਼ੁਰੂਆਤੀ ਵਿਤੀ ਮਦਦ ਕੀਤੀ ਜਾਵੇਗੀ।
ਲਾਂਭੇ ਕੀਤੇ ਕਿਸਾਨ ਆਗੂਆਂ ਨੇ ਜਾਂਚ ਕਮੇਟੀ ਅੱਗੇ ਪੱਖ ਰੱਖਿਆ
ਨਵੀਂ ਦਿੱਲੀ: ਗਣਤੰਤਰ ਦਿਵਸ ਮੌਕੇ ਰੂਟ ਬਦਲਣ ਦੇ ਦੋਸ਼ ਵਿੱਚ ਲਾਂਬੇ ਕੀਤੇ ਦੋ ਕਿਸਾਨ ਆਗੂਆਂ ਸੁਰਜੀਤ ਸਿੰਘ ਫੂਲ ਤੇ ਹਰਪਾਲ ਸਿੰਘ ਸੰਘਾ ਨੇ ਪੰਜਾਬ ਦੀਆਂ 32 ਕਿਸਾਨ ਜੱਥੇਬੰਦੀਆਂ ਵੱਲੋਂ ਬਣਾਈ ਤਿੰਨ ਮੈਂਬਰੀ ਜਾਂਚ ਕਮੇਟੀ ਕੋਲ ਆਪਣਾ ਪੱਖ ਰੱਖ ਦਿੱਤਾ ਹੈ। ਸੁਰਜੀਤ ਫੂਲ ਨੇ ਕਿਹਾ ਕਿ ਇਹ ਕਾਰਵਾਈ ਪੰਜਾਬ ਦੀਆਂ 32 ਕਿਸਾਨ ਜੱਥੇਬੰਦੀਆਂ ਵੱਲੋਂ ਕੀਤੀ ਗਈ ਸੀ। ਹਰਜੀਤ ਸਿੰਘ ਰਵੀ ਨੇ ਦੱਸਿਆ ਕਿ ਅਗਲੇ ਦਿਨਾਂ ਵਿੱਚ ਇਨ੍ਹਾਂ ਪੱਖਾਂ ਬਾਰੇ ਵਿਚਾਰ ਕੀਤਾ ਜਾਵੇਗਾ।