ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਦੇ ਜੱਜ ਦੀ ਅਗਵਾਈ ਹੇਠਲੀ ਉੱਚ ਤਾਕਤੀ ਕਮੇਟੀ ਨੇ ਅੱਜ ਫੋਰਟਿਸ ਦੇ ਸਾਬਕਾ ਪ੍ਰਮੋਟਰ ਮਲਵਿੰਦਰ ਮੋਹਨ ਸਿੰਘ ਦੀ ਉਸ ਦਲੀਲ ਨੂੰ ਖਾਰਜ ਕਰ ਦਿੱਤਾ ਜਿਸ ’ਚ ਉਸ ਨੇ ਮੁਕੱਦਮੇ ਦਾ ਸਾਹਮਣਾ ਕਰ ਰਹੇ ਕੈਦੀਆਂ ਨੂੰ ਅੰਤਰਿਮ ਜ਼ਮਾਨਤ ਦੇਣ ਵਾਲੇ ਨਿਯਮਾਂ ਨੂੰ ਚੁਣੌਤੀ ਦਿੱਤੀ ਸੀ। ਹਾਈ ਕੋਰਟ ਵੱਲੋਂ ਉਸ ਦੀ ਜ਼ਮਾਨਤ ਅਰਜ਼ੀ ਪਹਿਲਾਂ ਹੀ ਰੱਦ ਕੀਤੀ ਜਾ ਚੁੱਕੀ ਹੈ। ਅਦਾਲਤ ਨੇ ਉਸ ਨੂੰ ਆਪਣਾ ਪੱਖ ਰੱਖਣ ਲਈ ਉੱਚ ਤਾਕਤੀ ਕਮੇਟੀ ਤੱਕ ਪਹੁੰਚ ਕਰਨ ਲਈ ਕਿਹਾ ਸੀ। ਕਮੇਟੀ ਨੇ ਮਲਵਿੰਦਰ ਸਿੰਘ ਨੂੰ ਕਿਹਾ ਕਿ ਉਸ ਦੀਆਂ ਦਲੀਲਾਂ ’ਚ ਵਜ਼ਨ ਨਹੀਂ ਹੈ। ਇਸ ਲਈ ਇਸ ਨੂੰ ਰੱਦ ਕੀਤਾ ਜਾਂਦਾ ਹੈ। ਜ਼ਿਕਰਯੋਗ ਹੈ ਕਿ ਮਲਵਿੰਦਰ ਸਿੰਘ ਨੂੰ ਰੈਲੀਗੇਅਰ ਫਿਨਵੈਸਟ ਲਿਮਿਟਡ ਦੇ ਫੰਡਾਂ ’ਚ ਘਪਲੇਬਾਜ਼ੀ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਖ਼ਿਲਾਫ਼ ਕਾਲੇ ਧਨ ਨੂੰ ਸਫੈਦ ਕਰਨ ਤੇ ਧੋਖਾਧੜੀ ਦਾ ਕੇਸ ਵੀ ਦਰਜ ਕੀਤਾ ਗਿਆ ਸੀ। -ਪੀਟੀਆਈ