ਸ਼ਿਮਲਾ: ਹਿਮਾਚਲ ਪ੍ਰਦੇਸ਼ ਸਰਕਾਰ ਨੇ ਆਪਣੇ ਮੁਲਾਜ਼ਮਾਂ ਲਈ 6ਵੇਂ ਤਨਖ਼ਾਹ ਕਮਿਸ਼ਨ ਮੁਤਾਬਕ ਨਵੇਂ ਪੇਅ ਸਕੇਲ ਐਲਾਨੇ ਹਨ। ਸੂਬਾ ਸਰਕਾਰ ਨੇ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮਿਆਦ ਵੀ ਤਿੰਨ ਤੋਂ ਘਟਾ ਕੇ ਦੋ ਸਾਲ ਕਰ ਦਿੱਤੀ ਹੈ। ਮੁੱਖ ਮੰਤਰੀ ਜੈਰਾਮ ਠਾਕੁਰ ਨੇ ਹਿਮਾਚਲ ਪ੍ਰਦੇਸ਼ ਨਾਨ-ਗਜ਼ਟਿਡ ਐਂਪਲਾਈਜ਼ ਫੈਡਰੇਸ਼ਨ ਦੀ ਸਾਂਝੀ ਤਾਲਮੇਲ ਕਮੇਟੀ ਨੂੰ ਸੰਬੋਧਨ ਕਰਦਿਆਂ ਐਲਾਨ ਕੀਤਾ ਕਿ ਮੁਲਾਜ਼ਮਾਂ ਨੂੰ ਨਵੇਂ ਪੇਅ ਸਕੇਲ ਦਾ ਲਾਭ ਪਹਿਲੀ ਜਨਵਰੀ, 2016 ਤੋਂ ਮਿਲੇਗਾ। ਉਨ੍ਹਾਂ ਕਿਹਾ ਕਿ ਜਨਵਰੀ 2022 ਦੀ ਤਨਖਾਹ ਫਰਵਰੀ ’ਚ ਸੋਧੇ ਹੋਏ ਤਨਖ਼ਾਹ ਸਕੇਲਾਂ ਮੁਤਾਬਕ ਵਧ ਕੇ ਮਿਲੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪੈਨਸ਼ਨਰਾਂ ਅਤੇ ਫੈਮਿਲੀ ਪੈਨਸ਼ਨਰਾਂ ਨੂੰ ਵੀ ਇਸ ਦਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਨਵੇਂ ਪੇਅ ਸਕੇਲਾਂ ਅਤੇ ਸੋਧੀ ਪੈਨਸ਼ਨ ਨਾਲ ਸੂਬੇ ਦੇ ਖ਼ਜ਼ਾਨੇ ’ਤੇ 6 ਹਜ਼ਾਰ ਕਰੋੜ ਰੁਪਏ ਦਾ ਵਾਧੂ ਸਾਲਾਨਾ ਬੋਝ ਪਵੇਗਾ। -ਪੀਟੀਆਈ