ਸ਼ਿਮਲਾ, 6 ਦਸੰਬਰ
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਬੁੱਧਵਾਰ ਨੂੰ ਬੈਂਕਾਂ ਨੂੰ ਸਰਕਾਰ ਦੀ ਰਾਜੀਵ ਗਾਂਧੀ ਸਵੈ-ਰੁਜ਼ਗਾਰ ਯੋਜਨਾ ਦੇ ਲਾਭਪਾਤਰੀਆਂ ਨੂੰ ਰਿਆਇਤੀ ਵਿਆਜ ਦਰਾਂ ‘ਤੇ ਕਰਜ਼ੇ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ। ਇੱਥੇ ਜਾਰੀ ਇੱਕ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਬੈਂਕਾਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਇਸ ਸਕੀਮ ਦੇ ਪਹਿਲੇ ਪੜਾਅ ਤਹਿਤ ਈ-ਟੈਕਸੀਆਂ ਦੀ ਖਰੀਦ ਲਈ ਕਰਜ਼ੇ ਦੀ ਗਰੰਟੀ ਦੇਵੇਗੀ। ਇੱਥੇ ਜਨਤਕ ਖੇਤਰ, ਸਹਿਕਾਰੀ ਅਤੇ ਨਿੱਜੀ ਬੈਂਕਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ 680 ਕਰੋੜ ਰੁਪਏ ਦੀ ਰਾਜੀਵ ਗਾਂਧੀ ਸਵੈ-ਰੁਜ਼ਗਾਰ ਸਟਾਰਟਅਪ ਯੋਜਨਾ ਦੇ ਪਹਿਲੇ ਪੜਾਅ ਦੀ ਸ਼ੁਰੂਆਤ ਕੀਤੀ ਹੈ ਅਤੇ ਬੈਂਕਾਂ ਨੂੰ ਰਿਆਇਤੀ ਦਰਾਂ ’ਤੇ ਨੌਜਵਾਨਾਂ ਨੂੰ ਕਰਜ਼ਾ ਮੁਹੱਈਆ ਕਰਵਾਉਣ ਲਈ ਕਿਹਾ ਹੈ। ਮੁੱਖ ਮੰਤਰੀ ਨੇ ਸਾਰੇ ਬੈਂਕਾਂ ਨੂੰ ਇਹ ਵੀ ਕਿਹਾ ਕਿ ਉਹ ਨਿਰਧਾਰਤ ਸਮੇਂ ਅੰਦਰ ਵਿਆਜ ਦਰਾਂ ਸੂਬਾ ਸਰਕਾਰ ਨੂੰ ਭੇਜਣ।