ਸ਼ਿਮਲਾ, 26 ਸਤੰਬਰ
ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਵਿੱਚ ਟੈਂਪੋ-ਟਰੈਵਲਰ ਗੱਡੀ ਖੱਡ ਵਿੱਚ ਡਿੱਗਣ ਕਾਰਨ ਸੱਤ ਸੈਲਾਨੀਆਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਅੱਜ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੰਜਰ ਉਪ ਮੰਡਲ ਦੇ ਘਿਆਗੀ ਵਿੱਚ ਐਤਵਾਰ ਰਾਤ 8.30 ਵਜੇ ਵਾਪਰੇ ਇਸ ਹਾਦਸੇ ਵਿੱਚ 10 ਹੋਰ ਲੋਕ ਜ਼ਖਮੀ ਹੋ ਗਏ। ਬੰਜਾਰ ਦੇ ਵਿਧਾਇਕ ਤੇ ਭਾਜਪਾ ਨੇਤਾ ਸੁਰਿੰਦਰ ਸ਼ੌਰੀ ਨੇ ਐਤਵਾਰ ਦੇਰ ਰਾਤ 1: 45 ਵਜੇ ਫੇਸਬੁੱਕ ’ਤੇ ਇਕ ਵੀਡੀਓ ਸ਼ੇਅਰ ਕੀਤੀ ਅਤੇ ਲੋਕਾਂ ਨੂੰ ਹਾਦਸੇ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਜ਼ਖਮੀਆਂ ਨੂੰ ਪਹਿਲਾਂ ਬੰਜਾਰ ਦੇ ਹਸਪਤਾਲ ਲਿਜਾਇਆ ਗਿਆ, ਜਿੱਥੋਂ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਉਨ੍ਹਾਂ ਨੂੰ ਕੁੱਲੂ ਦੇ ਹਸਪਤਾਲ ਭੇਜ ਦਿੱਤਾ ਗਿਆ। ਅਧਿਕਾਰੀਆਂ ਮੁਤਾਬਕ 5 ਜਣਿਆਂ ਮੌਤ ਮੌਕੇ ’ਤੇ ਹੋ ਗਈ ਜਦਕਿ ਦੋ ਨੇ ਹਸਪਤਾਲ ਵਿੱਚ ਦਮ ਤੋੜਿਆ। ਕੁੱਲੂ ਦੇ ਐੱਸਪੀ ਗੁਰਦੇਵ ਸ਼ਰਮਾ ਨੇ ਦੱਸਿਆ ਕਿ ਮ੍ਰਿਤਕ ਦਿੱਲੀ ਅਤੇ ਰਾਜਸਥਾਨ ਨਾਲ ਸਬੰਧਤ ਸਨ। ਅਧਿਕਾਰੀਆਂ ਨੇ ਪਹਿਲਾਂ ਕਿਹਾ ਸੀ ਕਿ ਮ੍ਰਿਤਕਾਂ ਵਿੱਚੋਂ ਤਿੰਨ ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ (ਆਈਆਈਟੀ) ਵਾਰਾਨਸੀ ਦੇ ਵਿਦਿਆਰਥੀ ਸਨ ਹਾਲਾਂਕਿ ਬਾਅਦ ਵਿੱਚ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਤਿੰਨੋਂ ਵਿਦਿਆਰਥੀ ਜ਼ਖ਼ਮੀ ਹੋਏ ਹਨ। -ਪੀਟੀਆਈ