ਨਵੀਂ ਦਿੱਲੀ: ਤ੍ਰਿਣਮੂਲ ਕਾਂਗਰਸ ਦੀ ਸੰਸਦ ਮੈਂਬਰ ਸ਼ਾਂਤਾ ਦੇਵੀ ਛੇਤਰੀ ਨੇ ਮੇਘਾਲਿਆ ’ਚ ਹਿੰਦੂਆਂ ਨੂੰ ਘੱਟ ਗਿਣਤੀ ਭਾਈਚਾਰੇ ਦਾ ਦਰਜਾ ਦੇਣ ਦੀ ਮੰਗ ਕੀਤੀ ਹੈ। ਰਾਜ ਸਭਾ ’ਚ ਸਿਫਰ ਕਾਲ ਦੌਰਾਨ ਉਠਾਈ ਆਪਣੀ ਇਸ ਮੰਗ ਦੀ ਹਮਾਇਤ ’ਚ ਉਨ੍ਹਾਂ ਸੁਪਰੀਮ ਕੋਰਟ ’ਚ ਦਾਖਲ ਉਸ ਹਲਫ਼ਨਾਮੇ ਦਾ ਹਵਾਲਾ ਦਿੱਤਾ ਜਿਸ ’ਚ ਕੇਂਦਰ ਸਰਕਾਰ ਨੇ ਕਿਹਾ ਹੈ ਕਿ ਰਾਜ ਦੀ ਆਬਾਦੀ ਦੇ ਆਧਾਰ ’ਤੇ ਹਿੰਦੂਆਂ ਨੂੰ ਘੱਟ ਗਿਣਤੀ ਦਾ ਦਰਜਾ ਦਿੱਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵਿਸ਼ੇਸ਼ ਰਾਜ ਵਿੱਚ ਹਿੰਦੂ ਘੱਟ ਗਿਣਤੀ ’ਚ ਹਨ ਤਾਂ ਉਹ ਸੰਵਿਧਾਨ ’ਚ ਮਿਲੇ ਅਧਿਕਾਰਾਂ ਤਹਿਤ ਆਪਣੀ ਪਸੰਦ ਦੀਆਂ ਸਿੱਖਿਆ ਸੰਸਥਾਵਾਂ ਖੋਲ੍ਹ ਸਕਦੇ ਹਨ। ਉਨ੍ਹਾਂ ਕਿਹਾ, ‘ਮੈਂ ਗ੍ਰਹਿ ਮੰਤਰੀ ਨੂੰ ਅਪੀਲ ਕਰਦੀ ਹਾਂ ਕਿ ਸੰਵਿਧਾਨ ਦੀ ਧਾਰਾ 29 ਤੇ 30 ਤਹਿਤ ਇਕ ਨੋਟੀਫਿਕੇਸ਼ਨ ਰਾਹੀਂ ਹਿੰਦੂਆਂ ਨੂੰ ਘੱਟ ਗਿਣਤੀ ਦਾ ਦਰਜਾ ਦੇਣ ਲਈ ਮੇਘਾਲਿਆ ਸਰਕਾਰ ਨੂੰ ਨਿਰਦੇਸ਼ ਦਿੱਤੇ ਜਾਣ।’ -ਪੀਟੀਆਈ