ਨਵੀਂ ਦਿੱਲੀ, 16 ਜੁਲਾਈ
ਫੋਰਟਿਸ ਹੈਲਥਕੇਅਰ ਦੇ ਸਾਬਕਾ ਪ੍ਰਮੋਟਰ ਸ਼ਿਵਇੰਦਰ ਮੋਹਨ ਸਿੰਘ ਦੀ ਜ਼ਮਾਨਤ ਅਰਜ਼ੀ ’ਤੇ ਦਿੱਲੀ ਹਾਈ ਕੋਰਟ ਨੇ ਵੀਰਵਾਰ ਨੂੰ ਫ਼ੈਸਲਾ ਰਾਖਵਾਂ ਰੱਖ ਲਿਆ ਹੈ। ਜਸਟਿਸ ਅਨੂਪ ਜੈਰਾਮ ਭੰਬਾਨੀ ਨੇ ਸ਼ਿਵਇੰਦਰ ਸਿੰਘ ਅਤੇ ਐਨਫੋਰਸਮੈਂਟ ਡਾਇਰੈਕਟੋਰੇਟ ਦੇ ਵਕੀਲਾਂ ਤੋਂ ਕੁਝ ਖਾਸ ਸਪੱਸ਼ਟੀਕਰਨ ਮੰਗੇ ਜਿਸ ਮਗਰੋਂ ਫ਼ੈਸਲਾ ਰਾਖਵਾਂ ਰੱਖ ਲਿਆ ਗਿਆ। ਕੇਸ ਦੀ ਸੁਣਵਾਈ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ। ਹਾਈ ਕੋਰਟ ਨੇ 22 ਜੂਨ ਨੂੰ ਨੋਟਿਸ ਜਾਰੀ ਕਰਦਿਆਂ ਈਡੀ ਤੋਂ ਜਵਾਬ ਮੰਗਿਆ ਸੀ। ਈਡੀ ਦੀ ਨੁਮਾਇੰਦਗੀ ਕਰ ਰਹੇ ਕੇਂਦਰ ਸਰਕਾਰ ਦੇ ਵਕੀਲ ਅਮਿਤ ਮਹਾਜਨ ਨੇ ਜ਼ਮਾਨਤ ਅਰਜ਼ੀ ਦਾ ਵਿਰੋਧ ਕਰਦਿਆਂ ਕਿਹਾ ਸੀ ਕਿ ਗੁੰਝਲਦਾਰ ਢੰਗ ਨਾਲ ਪੈਸੇ ਦਾ ਲੈਣ-ਦੇਣ ਕੀਤਾ ਗਿਆ ਹੈ ਅਤੇ ਇਸ ਦਾ ਸਰੋਤ ਲੱਭਣਾ ਸੁਖਾਲਾ ਨਹੀਂ ਹੈ। -ਪੀਟੀਆਈ