ਨਵੀਂ ਦਿੱਲੀ, 30 ਜੂਨ
ਤਿੰਨ ਨਵੇਂ ਫ਼ੌਜਦਾਰੀ ਕਾਨੂੰਨਾਂ ਦਾ ਅਮਲ ਸੋਮਵਾਰ ਤੋਂ ਦੇਸ਼ ਭਰ ਵਿੱਚ ਸ਼ੁਰੂ ਹੋ ਜਾਵੇਗਾ, ਜਿਸ ਨਾਲ ਭਾਰਤ ਦੀ ਫ਼ੌਜਦਾਰੀ ਨਿਆਂ ਪ੍ਰਣਾਲੀ ਵਿੱਚ ਵਿਆਪਕ ਬਦਲਾਅ ਆਉਣਗੇ ਅਤੇ ਬਸਤੀਵਾਦੀ ਯੁੱਗ ਦੇ ਕਾਨੂੰਨਾਂ ਦਾ ਅੰਤ ਹੋ ਜਾਵੇਗਾ। ਭਾਰਤੀ ਨਿਆਂ ਸੰਹਿਤਾ, ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਅਤੇ ਭਾਰਤੀ ਸਾਕਸ਼ਯ ਅਧੀਨਿਯਮ ਬਰਤਾਨਵੀ ਕਾਲ ਦੇ ਕ੍ਰਮਵਾਰ ਭਾਰਤੀ ਦੰਡ ਸੰਹਿਤਾਾ, ਦੰਡ ਪ੍ਰਕਿਰਿਆ ਸੰਹਿਤਾ ਅਤੇ ਭਾਰਤ ਸਾਕਸ਼ਯ ਐਕਟ ਦੀ ਜਗ੍ਹਾ ਲੈਣਗੇ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਇਨ੍ਹਾਂ ਕਾਨੂੰਨਾਂ ’ਚ ਕੁਝ ਮੌਜੂਦਾ ਸਮਾਜਿਕ ਅਸਲੀਅਤਾਂ ਅਤੇ ਅਪਰਾਧਾਂ ਨਾਲ ਨਜਿੱਠਣ ਦੀ ਕੋਸ਼ਿਸ਼ ਕੀਤੀ ਗਈ ਹੈ ਅਤੇ ਸੰਵਿਧਾਨ ਵਿੱਚ ਦਰਜ ਆਦਰਸ਼ਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਨ੍ਹਾਂ ਨਾਲ ਪ੍ਰਭਾਵੀ ਢੰਗ ਨਾਲ ਨਿਪਟਣ ਦਾ ਇਕ ਤੰਤਰ ਮੁਹੱਈਆ ਕਰਵਾਇਆ ਗਿਆ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਨਵੇਂ ਕਾਨੂੰਨ ਨਿਆਂ ਮੁਹੱਈਆ ਕਰਵਾਉਣ ਨੂੰ ਪਹਿਲ ਦੇਣਗੇ ਜਦਕਿ ਅੰਗਰੇਜ਼ਾਂ ਦੇ ਸਮੇਂ ਦੇ ਕਾਨੂੰਨਾਂ ਵਿੱਚ ਸਜ਼ਾ ਦੇਣ ਦੀ ਕਾਰਵਾਈ ਨੂੰ ਪਹਿਲ ਦਿੱਤੀ ਗਈ ਸੀ। -ਪੀਟੀਆਈ