ਨਵੀਂ ਦਿੱਲੀ, 21 ਜੁਲਾਈ
ਸੁਪਰੀਮ ਕੋਰਟ ਨੇ ਵੀਰਵਾਰ ਨੂੰ ਕਿਹਾ ਕਿ ਪਰਵਾਸੀ ਮਜ਼ਦੂਰ ਰਾਸ਼ਟਰ ਨਿਰਮਾਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਉਨ੍ਹਾਂ ਦੇ ਅਧਿਕਾਰਾਂ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਇਸ ਦੇ ਨਾਲ ਹੀ ਸਿਖਰਲੀ ਅਦਾਲਤ ਨੇ ਕੇਂਦਰੀ ਤੋਂ ਇਕ ਅਜਿਹੀ ਵਿਵਸਥਾ ਬਣਾਉਣ ਲਈ ਕਿਹਾ ਤਾਂ ਜੋ ਪਰਵਾਸੀ ਮਜ਼ਦੂਰਾਂ ਨੂੰ ਬਿਨਾਂ ਰਾਸ਼ਨ ਕਾਰਡ ਦੇ ਅਨਾਜ ਮਿਲ ਸਕੇ। ਅਦਾਲਤ ਨੇ ਕਿਹਾ ਕਿ ਸਾਡੇ ਵਿਕਾਸ ਕਰਨ ਦੇ ਬਾਵਜੂਦ ਲੋਕ ਭੁੱਖ ਨਾਲ ਮਰ ਰਹੇ ਹਨ ਅਤੇ ਜ਼ਿਆਦਾਤਰ ਪਰਵਾਸੀ ਮਜ਼ਦੂਰਾਂ ਨੂੰ ਰਾਸ਼ਨ ਮਿਲਣਾ ਯਕੀਨੀ ਬਣਾਉਣ ਲਈ ਨੀਤੀ ਬਣਾਈ ਜਾਣੀ ਚਾਹੀਦੀ ਹੈ। ਸਿਖਰਲੀ ਅਦਾਲਤ ਨੇ ਕਿਹਾ ਕਿ ਕੇਂਦਰ ਵੱਲੋਂ ਸ਼ੁਰੂ ਕੀਤੀਆਂ ਕਲਿਆਣਕਾਰੀ ਯੋਜਨਾਵਾਂ ਵਧ ਤੋਂ ਵਧ ਮਜ਼ਦੂਰਾਂ ਤਕ ਪਹੁੰਚਣੀਆਂ ਚਾਹੀਦੀਆਂ ਹਨ ਅਤੇ ਸੂਬਾ ਸਰਕਾਰਾਂ ਨੂੰ ਕੇਂਦਰ ਸਰਕਾਰ ਨੂੰ ਸਹਿਯੋਗ ਕਰਨਾ ਚਾਹੀਦਾ ਹੈ। ਜਸਟਿਸ ਐਮ ਆਰ ਸ਼ਾਹ ਅਤੇ ਜਸਟਿਸ ਬੀਵੀ ਨਾਗਰਤਨ ਦੀ ਬੈਂਚ ਨੇ ਕਿਹਾ, ‘‘ਜਿਥੋਂ ਤਕ ਸਾਡੇ ਮੁਲਕ ਦੀ ਗੱਲ ਹੈ, ਦੋ ਵਿਅਕਤੀ ਅਹਿਮ ਹਨ। ਪਹਿਲਾ ਕਿਸਾਨ ਜਿਹੜਾ ਖੇਤੀ ਕਰਦਾ ਹੈ ਅਤੇ ਦੂਜਾ ਪਰਵਾਸੀ ਮਜ਼ਦੂਰ ਹੈ। ਪਰਵਾਸੀ ਰਾਸ਼ਟਰ ਨਿਰਮਾਣ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਦੇ ਅਧਿਕਾਰਾਂ ਨੂੰ ਕਿਸੇ ਵੀ ਤਰੀਕੇ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ।’’ -ਏਜੰਸੀ