ਯਵਤਮਾਲ, 1 ਫਰਵਰੀ
ਮਹਾਰਾਸ਼ਟਰ ਦੇ ਯਵਤਮਾਲ ਜ਼ਿਲ੍ਹੇ ਦੇ ਇਕ ਪਿੰਡ ਵਿੱਚ ਪੋਲੀਓ ਰੋਕੂ ਬੂੰਦਾਂ ਪਿਆਉਣ ਮੌਕੇ ਸਿਰੇ ਦੀ ਅਣਗਹਿਲੀ ਵਰਤੇ ਜਾਣ ਦੀ ਘਟਨਾ ਸਾਹਮਣੇ ਆਈ ਹੈ। ਐਤਵਾਰ ਨੂੰ ਪਿੰਡ ਵਿੱਚ ਗਈ ਇਕ ਟੀਮ ਨੇ 12 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਦੀ ਥਾਂ ਸੈਨੇਟਾਈਜ਼ਰ ਦੀਆਂ ਦੋ-ਦੋ ਬੂੰਦਾਂ ਪਿਆ ਦਿੱਤੀਆਂ। ਪੀੜਤ ਬੱਚੇ 5 ਸਾਲ ਤੋਂ ਘੱਟ ਉਮਰ ਦੇ ਦੱਸੇ ਜਾਂਦੇ ਹਨ। ਉਨ੍ਹਾਂ ਨੂੰ ਸਰਕਾਰੀ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾਂਦੀ ਹੈ। ਜ਼ਿਲ੍ਹਾ ਅਧਿਕਾਰੀਆਂ ਨੇ ਕਿਹਾ ਕਿ ਅਣਗਹਿਲੀ ਵਰਤਣ ਵਾਲੇ ਤਿੰਨ ਸਿਹਤ ਕਾਮਿਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਜਿਹੀ ਗਲਤੀ ਅੱਗੇ ਤੋਂ ਨਹੀਂ ਦੁਹਰਾਈ ਜਾਵੇਗੀ ਅਤੇ ਪੂਰੀ ਅਹਿਤੀਆਤ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਸਿਹਤ ਕਾਮਿਆਂ ਨੂੰ ਬੱਚਿਆਂ ਨਾਲ ਇੰਝ ਨਹੀਂ ਕਰਨਾ ਚਾਹੀਦਾ ਸੀ। -ਪੀਟੀਆਈ