ਨਵੀਂ ਦਿੱਲੀ, 3 ਫਰਵਰੀ
ਗਣਤੰਤਰ ਦਿਵਸ ‘ਤੇ ਕਿਸਾਨਾਂ ਦੇ ਟਰੈਕਟਰ ਪਰੇਡ ਦੌਰਾਨ ਦਿੱਲੀ ਦੇ ਲਾਲ ਕਿਲ੍ਹੇ ’ਤੇ ਹੋਈ ਹਿੰਸਾ ਦੀ ਨਿੰਦਾ ਕਰਦਿਆਂ ਰਾਜ ਸਭਾ ਵਿੱਚ ਖੇਤੀ ਕਾਨੂੰਨਾਂ ’ਤੇ ਬਹਿਸ ਦੌਰਾਨ ਸੀਨੀਅਰ ਕਾਂਗਰਸੀ ਆਗੂ ਗੁਲਾਮ ਨਬੀ ਆਜ਼ਾਦ ਨੇ ਕਿਹਾ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਪਰ ‘ਨਿਰਦੋਸ਼ ਕਿਸਾਨਾਂ’ ਨੂੰ ਨਿਸ਼ਾਨਾ ਨਹੀਂ ਬਣਾਉਣਾ ਚਾਹੀਦਾ। ਉਨ੍ਹਾਂ ਸਰਕਾਰ ਤੋਂ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਇਸ ਮਾਮਲੇ ਨੂੰ ਇੱਜ਼ਤ ਦਾ ਮੁੱਦਾ ਨਾ ਬਣਾਏ। ਉਨ੍ਹਾਂ ਕਿਸਾਨਾਂ ਨੂੰ ਦੇਸ਼ ਦੀ ਸਭ ਤੋਂ ਵੱਡੀ ਤਾਕਤ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਅੰਗਰੇਜ਼ਾਂ ਨੂੰ ਵੀ ਸੰਘਰਸ਼ਸ਼ੀਲ ਕਿਸਾਨਾਂ ਨੇ ਝੁਕਣ ਲਈ ਮਜਬੂਰ ਕਰ ਦਿੱਤਾ ਸੀ।
ਉਨ੍ਹਾਂ ਸਾਲ 1900 ਦੇ ਦਹਾਕੇ ਵਿਚ ਪੰਜਾਬ ਵਿਚ ਕਿਸਾਨੀ ਲਹਿਰਾਂ ਦੌਰਾਨ ਪ੍ਰਸਿੱਧ ਗੀਤ “ਪਗੜੀ ਸੰਭਾਲ ਜੱਟਾ ਪਗੜੀ ਸੰਭਾਲ” ਦੀਆਂ ਕੁੱਝ ਸੱਤਰਾਂ ਦਾ ਹਵਾਲਾ ਵੀ ਦਿੱਤਾ ਅਤੇ ਕਿਹਾ ਕਿ ਕਿਸਾਨੀ ਨੇ ਬ੍ਰਿਟਿਸ਼ ਸਰਕਾਰ ਨੂੰ ਵੀ ਆਪਣੇ ਕਾਨੂੰਨਾਂ ਨੂੰ ਵਾਪਸ ਲੈਣ ਲਈ ਮਜਬੂਰ ਕੀਤਾ ਸੀ।