ਨਵੀਂ ਦਿੱਲੀ, 5 ਜੂਨ
ਇੰਡੀਆ ਗੱਠਜੋੜ ਨੇ ਅੱਜ ਲੋਕ ਸਭਾ ਦੇ ਨਤੀਜਿਆਂ ਅਤੇ ਭਵਿੱਖ ਦੀ ਰਣਨੀਤੀ ਬਾਰੇ ਚਰਚਾ ਕਰਨ ਲਈ ਬੈਠਕ ਸੱਦੀ ਹੈ। ਇਸ ਸਬੰਧੀ ‘ਐਕਸ’ ’ਤੇ ਪੋਸਟ ਸਾਂਝੀ ਕਰਦਿਆਂ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਗੱਠਜੋੜ ਨੂੰ ‘ਇੰਡੀਆ ਜਨਬੰਧਨ’ ਲਿਖ ਕੇ ਸੰਬੋਧਨ ਕੀਤਾ। ਉਨ੍ਹਾਂ ਲਿਖਿਆ ਕਿ ਬੁੱਧਵਾਰ ਸ਼ਾਮ 6 ਵਜੇ ਇਹ ਮੀਟਿੰਗ ਸੱਦੀ ਗਈ ਹੈ। ਮੀਟਿੰਗ ’ਚ ਗੱਠਜੋੜ ਵੱਲੋਂ ਭਵਿੱਖ ਦੀਆਂ ਨੀਤੀਆਂ ਸਬੰਧੀ ਵਿਚਾਰ ਚਰਚਾ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ 2014 ਤੋਂ ਬਾਅਦ ਲੋਕ ਸਭਾ ਚੋਣਾਂ ’ਚ ਇਸ ਵਾਰ ਕਾਂਗਰਸ ਨੇ ਚੰਗਾ ਪ੍ਰਦਰਸ਼ਨ ਕਰਦਿਆਂ 99 ਸੀਟਾਂ ਹਾਸਲ ਕੀਤੀਆਂ ਹਨ। ਮੀਟਿੰਗ ਵਿੱਚ ਕਾਂਗਰਸ ਦੇ ਪ੍ਰਮੁੱਖ ਆਗੂ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਵਾਡਰਾ ਸਮੇਤ ਸ਼ਰਦ ਪਵਾਰ, ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਤਾਮਿਲਨਾਡੂ ਦੇ ਮੁੱਖ ਮੰਤਰੀ ਐਮ.ਕੇ. ਸਟਾਲਿਨ, ਝਾਰਖੰਡ ਦੇ ਮੁੱਖ ਮੰਤਰੀ ਚੰਪਾਈ ਸੋਰੇਨ, ਊਧਵ ਠਾਕਰੇ, ਅਖਿਲੇਸ਼ ਯਾਦਵ, ਸੀਤਾਰਾਮ ਯੇਚੁਰੀ, ਡੀ. ਰਾਜਾ ਦੇ ਮੀਟਿੰਗ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ ਹੈ। -ਆਈਏਐਨਐਸ