ਨਵੀਂ ਦਿੱਲੀ, 13 ਜੂਨ
ਰਾਜਨਾਥ ਸਿੰਘ ਨੇ ਅੱਜ ਰੱਖਿਆ ਮੰਤਰਾਲੇ ਦਾ ਕਾਰਜਭਾਰ ਸੰਭਾਲਣ ਤੋਂ ਬਾਅਦ ਕਿਹਾ ਕਿ ਨਵੀਂ ਨਰਿੰਦਰ ਮੋਦੀ ਸਰਕਾਰ ਹਥਿਆਰਬੰਦ ਬਲਾਂ ਦੇ ਆਧੁਨਿਕੀਕਰਨ ਤੇ ਘਰੇਲੂ ਰੱਖਿਆ ਨਿਰਮਾਣ ਨੂੰ ਹੁਲਾਰਾ ਦੇ ਕੇ ਕੌਮੀ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ’ਚ ਆਪਣਾ ਧਿਆਨ ਕੇਂਦਰਿਤ ਕਰੇਗੀ।
ਰੱਖਿਆ ਮੰਤਰੀ ਨੇ ਅਗਲੇ ਪੰਜ ਸਾਲਾਂ ਲਈ ਆਪਣੀ ਸਰਕਾਰ ਦੇ ਨਜ਼ਰੀਏ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ 2028-29 ਤੱਕ ਰੱਖਿਆ ਬਰਾਮਦ ਨੂੰ ਵਧਾ ਕੇ 50 ਹਜ਼ਾਰ ਕਰੋੜ ਰੁਪਏ ਕਰਨ ਦੀ ਪੂਰੀ ਕੋਸ਼ਿਸ਼ ਕਰੇਗੀ ਜੋ ਕਿ ਇਸ ਸਮੇਂ 21,083 ਕਰੋੜ ਰੁਪਏ ਹੈ। ਉਨ੍ਹਾਂ ਲਗਾਤਾਰ ਦੂਜੇ ਕਾਰਜਕਾਲ ਲਈ ਰੱਖਿਆ ਮੰਤਰਾਲੇ ਦਾ ਕਾਰਜਭਾਰ ਸੰਭਾਲਣ ਤੋਂ ਬਾਅਦ ਪੱਤਰਕਾਰਾਂ ਨੂੰ ਕਿਹਾ ਕਿ ਹਥਿਆਰਬੰਦ ਬਲਾਂ ਨੂੰ ਅਤਿ-ਆਧੁਨਿਕ ਹਥਿਆਰਾਂ ਤੇ ਪ੍ਰਣਾਲੀਆਂ ਨਾਲ ਲੈਸ ਕੀਤਾ ਜਾ ਰਿਹਾ ਹੈ ਅਤੇ ਉਹ ਹਰ ਚੁਣੌਤੀ ਦਾ ਸਾਹਮਣਾ ਕਰਨ ਲਈ ਤਿਆਰ ਹਨ। ਉਨ੍ਹਾਂ ਪੂਰਬੀ ਲੱਦਾਖ ’ਚ ਚੀਨ ਨਾਲ ਸਰਹੱਦੀ ਵਿਵਾਦ ਵਿਚਾਲੇ ਦੇਸ਼ ਦੀ ਏਕਤਾ, ਅਖੰਡਤਾ ਤੇ ਪ੍ਰਭੂਸੱਤਾ ਦੀ ਰਾਖੀ ਲਈ ਫੌਜ ਦੇ ਜਵਾਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ, ‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਸਾਡਾ ਟੀਚਾ ਰੱਖਿਆ ਨਿਰਮਾਣ ’ਚ ਆਤਮ-ਨਿਰਭਰਤਾ ਹਾਸਲ ਕਰਨ ’ਤੇ ਧਿਆਨ ਕੇਂਦਰਿਤ ਕਰਦਿਆਂ ਦੇਸ਼ ਦੇ ਸੁਰੱਖਿਆ ਤੰਤਰ ਨੂੰ ਮਜ਼ਬੂਤ ਬਣਾਉਣਾ ਹੈ।’ ਉਨ੍ਹਾਂ ਕਿਹਾ ਕਿ ਹਥਿਆਰਬੰਦ ਬਲਾਂ ਦੇ ਆਧੁਨਿਕੀਕਰਨ ਅਤੇ ਸੇਵਾ ਅਧੀਨ ਤੇ ਸੇਵਾਮੁਕਤ ਦੋਵਾਂ ਸੈਨਿਕਾਂ ਦੀ ਭਲਾਈ ’ਤੇ ਸਾਡਾ ਮੁੱਖ ਧਿਆਨ ਰਹੇਗਾ। ਉਨ੍ਹਾਂ ਕਿਹਾ ਕਿ ਸਰਕਾਰ ਭਾਰਤ ਦਾ ਰੱਖਿਆ ਉਤਪਾਦਨ ਵਧਾਉਣ ’ਤੇ ਵੀ ਧਿਆਨ ਦੇਵੇਗੀ। -ਪੀਟੀਆਈ