ਬੰਗਲੁਰੂ, 29 ਜੁਲਾਈ
ਕਰਨਾਟਕ ਦੇ ਮੁੱਖ ਮੰਤਰੀ ਬਾਸਵਰਾਜ ਬੋਮਈ ਨੇ ਅੱਜ ਇੱਥੇ ਕਿਹਾ ਕਿ ਭਾਰਤੀ ਜਨਤਾ ਯੁਵਾ ਮੋਰਚਾ ਦੇ ਆਗੂ ਦੀ ਹੱਤਿਆ ਦੀ ਜਾਂਚ ਕੌਮੀ ਜਾਂਚ ਏਜੰਸੀ (ਐੱਨਆਈਏ) ਨੂੰ ਸੌਂਪੀ ਜਾਵੇਗੀ। ਜਾਣਕਾਰੀ ਅਨੁਸਾਰ ਮੰਗਲਵਾਰ ਦੀ ਰਾਤ ਤਿੰਨ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਭਾਜਪਾ ਆਗੂ ਪ੍ਰਵੀਨ ਨੇਟਾਰ ਦਾ ਕਤਲ ਕਰ ਦਿੱਤਾ ਸੀ। ਪੁਲੀਸ ਨੇ ਅੱਜ ਹੱਤਿਆ ਮਾਮਲੇ ਸਬੰਧੀ ਇੱਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਪਹਿਲਾਂ ਪੁਲੀਸ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਸੂਬਾ ਸਰਕਾਰ ਨੇ ਕਿਹਾ ਕਿ ਮਾਮਲੇ ਦੇ ਪੂਰੇ ਵੇਰਵੇ ਮਿਲਣ ਮਗਰੋਂ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖ ਕੇ ਜਾਂਚ ਐੱਨਆਈਏ ਨੂੰ ਸੌਂਪਣ ਦੀ ਅਪੀਲ ਕੀਤੀ ਜਾਵੇਗੀ। ਬੋਮਈ ਨੇ ਦੱਸਿਆ, ‘‘ਇਹ ਦੋ ਸੂਬਿਆਂ ਕਰਨਾਟਕ ਅਤੇ ਕੇਰਲਾ ਨਾਲ ਜੁੜਿਆ ਮਾਮਲਾ ਹੋਣ ਕਰਕੇ ਅਸੀਂ ਫ਼ੈਸਲਾ ਕੀਤਾ ਹੈ ਕਿ ਇਸ ਦੀ ਜਾਂਚ ਐੱਨਆਈਏ ਨੂੰ ਸੌਂਪੀ ਜਾਵੇ।’’ -ਪੀਟੀਆਈ