ਪੱਤਰ ਪ੍ਰੇਰਕ
ਨਵੀਂ ਦਿੱਲੀ, 28 ਦਸੰਬਰ
ਦਿੱਲੀ ਵਿੱਚ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਮੋਰਚੇ ਵਿੱਚ ਅੱਜ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਕਾਮਰੇਡ ਭਗਵੰਤ ਸਮਾਓਂ ਦੀ ਅਗਵਾਈ ਹੇਠ ਬੇਜ਼ਮੀਨੇ ਪੇਂਡੂ ਤੇ ਖੇਤ ਮਜ਼ਦੂਰਾਂ ਨੇ ਸ਼ਮੂਲੀਅਤ ਕੀਤੀ। ਇਸ ਜਥੇ ਵਿੱਚ ਔਰਤਾਂ ਅਤੇ ਬੱਚੇ ਵੀ ਸ਼ਾਮਲ ਸਨ ਤੇ ਇਹ ਪਹਿਲੀ ਵਾਰ ਹੈ ਕਿ ਪੰਜਾਬ ਦੇ ਬੇਜ਼ਮੀਨੇ ਤੇ ਖੇਤ ਮਜ਼ਦੂਰ ਦਿੱਲੀ ਅੰਦੋਲਨ ’ਚ ਪਹੁੰਚੇ ਹਨ। ਇਸ ਮੌਕੇ ਆਗੂਆਂ ਨੇ ਕਿਸਾਨ ਯੂਨੀਅਨਾਂ ਨੂੰ ਅਪੀਲ ਕੀਤੀ ਕਿ ਖੇਤੀ ਕਾਨੂੰਨਾਂ ਦੇ ਨਾਲ-ਨਾਲ ਕਿਰਤ ਕਾਨੂੰਨਾਂ ਵਿੱਚ ਕੁਝ ਸਮਾਂ ਪਹਿਲਾਂ ਕੀਤੀਆਂ ਗਈਆਂ ਸੋਧਾਂ ਦਾ ਮੁੱਦਾ ਵੀ ਉਭਾਰਿਆ ਜਾਵੇ। ਮਜ਼ਦੂਰ ਜਥੇਬੰਦੀ ਨੇ ਐਲਾਨ ਕੀਤਾ ਕਿ ਬੇਜ਼ਮੀਨੇ ਮਜ਼ਦੂਰ ਖੇਤੀ ਕਾਨੂੰਨਾਂ ਦੀ ਵਾਪਸੀ ਤੱਕ ਕਿਸਾਨ ਅੰਦੋਲਨ ਵਿੱਚ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨਗੇ। ਅੱਜ ਧਰਨੇ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਮਜ਼ਦੂਰਾਂ ਨੇ ਨਵੇਂ ਬੱਸ ਸਟੈਂਡ ਤੋਂ ਟਿਕਰੀ ਬਾਰਡਰ ਤੱਕ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਯਾਦ ਵਿੱਚ ਮਾਰਚ ਕੀਤਾ।