ਨਵੀਂ ਦਿੱਲੀ, 9 ਜੁਲਾਈ
ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਸਾਬਕਾ ਉਪ ਰਾਸ਼ਟਰਪਤੀ ਹਾਮਿਦ ਅੰਸਾਰੀ ਖ਼ਿਲਾਫ਼ ਕਥਿਤ ਤੌਰ ‘ਤੇ ਇਤਰਾਜ਼ਯੋਗ ਟਿੱਪਣੀ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਵਿਸ਼ੇਸ਼ ਅਧਿਕਾਰ ਉਲੰਘਣਾ ਦੀ ਕਾਰਵਾਈ ਸ਼ੁਰੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੂੰ ਪੱਤਰ ਲਿਖ ਕੇ ਇਹ ਮੰਗ ਕੀਤੀ ਹੈ।
ਰਾਜਸਭਾ ਮੈਂਬਰ ਰਮੇਸ਼ ਨੇ 8 ਜੁਲਾਈ ਨੂੰ ਭੇਜੇ ਆਪਣੇ ਪੱਤਰ ਵਿਚ ਦਾਅਵਾ ਕੀਤਾ ਹੈ ਕਿ ਜਿਸ ਤਰ੍ਹਾਂ ਪ੍ਰਧਾਨ ਮੰਤਰੀ ਮੋਦੀ ਨੇ ਅੰਸਾਰੀ ‘ਤੇ ਹਮਲਾ ਕੀਤਾ ਹੈ, ਉਸ ਤਰ੍ਹਾਂ ਅੱਜ ਤੱਕ ਕਿਸੇ ਵੀ ਪ੍ਰਧਾਨ ਮੰਤਰੀ ਨੇ ਸਾਬਕਾ ਲੋਕ ਸਭਾ ਸਪੀਕਰ ਜਾਂ ਰਾਜ ਸਭਾ ਦੇ ਸਾਬਕਾ ਚੇਅਰਮੈਨ ਖ਼ਿਲਾਫ਼ ਅਜਿਹਾ ਨਹੀਂ ਕੀਤਾ। ਉਨ੍ਹਾਂ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਆਹੁਦੇ ਦਾ ਕੱਦ ਘਟਾਉਂਦਿਆਂ ਸੰਸਦ ਦੀ ਮਰਿਆਦਾ ਅਤੇ ਨਿਯਮਾਂ ਨੂੰ ਤੋੜਿਆ ਹੈ। -ਪੀਟੀਆਈ