ਸ੍ਰੀਨਗਰ, 30 ਸਤੰਬਰ
ਜੰਮੂ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ’ਚ ਅੱਜ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਾਲੇ ਹੋਏ ਮੁਕਾਬਲੇ ਵਿੱਚ ਜੈਸ਼-ਏ-ਮੁਹੰਮਦ ਦੇ ਦੋ ਅਤਿਵਾਦੀ ਹਲਾਕ ਹੋ ਗਏ। ਪੁਲੀਸ ਨੇ ਇਹ ਜਾਣਕਾਰੀ ਦਿੱਤੀ। ਪੁਲੀਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਅੱਜ ਤੜਕੇ ਸ਼ੋਪੀਆਂ ਅਤੇ ਬਾਰਾਮੂਲਾ ਜ਼ਿਲ੍ਹਿਆਂ ’ਚ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਾਲੇ ਮੁਕਾਬਲਾ ਸ਼ੁਰੂ ਹੋ ਗਿਆ ਸੀ। ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਦੱਖਣੀ ਕਸ਼ਮੀਰ ਦੇ ਸ਼ੋਪੀਆਂ ਦੇ ਚਿਤਰਗਾਮ ਇਲਾਕੇ ਅਤੇ ਉੱਤਰੀ ਕਸ਼ਮੀਰ ’ਚ ਬਾਰਾਮੂਲਾ ਦੇ ਯੈਦਿਪੋਰਾ ਇਲਾਕੇ ਵਿੱਚ ਘੇਰਾਬੰਦੀ ਕਰ ਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਜਿਸ ਮਗਰੋਂ ਮੁਕਾਬਲਾ ਸ਼ੁਰੂ ਹੋ ਗਿਆ। ਉਨ੍ਹਾਂ ਦੱਸਿਆ ਕਿ ਬਾਰਾਮੂਲਾ ਵਿੱਚ ਮੁਕਾਬਲੇ ਦੌਰਾਨ ਦੋ ਅਤਿਵਾਦੀ ਮਾਰੇ ਗਏ। ਕਸ਼ਮੀਰ ਦੇ ਏਡੀਜੀਪੀ ਵਿਜੈ ਕੁਮਾਰ ਨੇ ਟਵੀਟ ਕੀਤਾ, ‘‘ਕੁੱਲ ਦੋ ਅਤਿਵਾਦੀ ਮਾਰੇ ਜਾ ਚੁੱਕੇ ਹਨ। ਇਹ ਦੋਵੇਂ ਅਤਿਵਾਦੀ ਜੈਸ਼ ਨਾਲ ਸਬੰਧਤ ਸਨ। ਆਪ੍ਰੇਸ਼ਾਨ ਅਜੇ ਵੀ ਜਾਰੀ ਹੈ।’’ -ਪੀਟੀਆਈ