ਨਵੀਂ ਦਿੱਲੀ: ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ, ਕਰਨਾਟਕ ਦੇ ਮੁੱਖ ਮੰਤਰੀ ਬੀ.ਐੱਸ.ਯੇਦੀਯੁਰੱਪਾ, ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਦਿਗਵਿਜੈ ਸਿੰਘ ਤੇ ਸੀਨੀਅਰ ਕਾਂਗਰਸ ਆਗੂ ਰਣਦੀਪ ਸੁਰਜੇਵਾਲਾ ਕਰੋਨਾ ਦੀ ਲਪੇਟ ਵਿੱਚ ਆ ਗਏ ਹਨ। ਜਾਂਚ ਦੌਰਾਨ ਇਨ੍ਹਾਂ ਸਾਰੇ ਆਗੂਆਂ ਦੀਆਂ ਰਿਪੋਰਟਾਂ ਪਾਜ਼ੇਟਿਵ ਹਨ। ਜਾਵੜੇਕਰ, ਜਿਨ੍ਹਾਂ ਕੋਲ ਵਾਤਾਵਰਨ ਅਤੇ ਸੂਚਨਾ ਤੇ ਪ੍ਰਸਾਰਣ ਤੋਂ ਇਲਾਵਾ ਹੋਰ ਕਈ ਮੰਤਰਾਲੇ ਹਨ, ਨੇ ਟਵੀਟ ਕਰਕੇ ਆਪਣੇ ਕਰੋਨਾ ਪਾਜ਼ੇਟਿਵ ਹੋਣ ਦੀ ਜਾਣਕਾਰੀ ਸਾਂਝੀ ਕੀਤੀ ਹੈ। ਉਧਰ ਕਰਨਾਟਕ ਦੇ ਮੁੱਖ ਮੰਤਰੀ ਯੇਦੀਯੁਰੱਪਾ(78) ਨੂੰ ਅੱਠ ਮਹੀਨਿਆਂ ਵਿੱਚ ਦੂਜੀ ਵਾਰ ਕਰੋਨਾ ਦੀ ਲਾਗ ਚਿੰਬੜਨ ਦੀਆਂ ਰਿਪੋਰਟਾਂ ਹਨ। ਯੇਦੀਯੁਰੱਪਾ ਨੂੰ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਸ ਦੌਰਾਨ ਦਿੱਲੀ ਵਿੱਚ ਮੌਜੂਦ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਤੇ ਕਾਂਗਰਸੀ ਆਗੂ ਦਿਗਵਿਜੈ ਸਿੰਘ ਨੇ ਅੱਜ ਸਵੇਰੇ ਹਿੰਦੀ ਵਿੱਚ ਟਵੀਟ ਕਰਕੇ ਕਰੋਨਾ ਪਾਜ਼ੇਟਿਵ ਹੋਣ ਦੀ ਪੁਸ਼ਟੀ ਕੀਤੀ ਹੈ। ਪਾਰਟੀ ਦੇ ਜਨਰਲ ਸਕੱਤਰ ਤੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੂੰ ਵੀ ਕਰੋਨਾ ਹੋਣ ਦੀਆਂ ਰਿਪੋਰਟਾਂ ਹਨ। 53 ਸਾਲਾ ਆਗੂ ਨੇ ਵੀ ਪਿਛਲੇ 5 ਦਿਨਾਂ ਦੌਰਾਨ ਆਪਣੇ ਸੰਪਰਕ ’ਚ ਆਉਣ ਵਾਲਿਆਂ ਇਕਾਂਤਵਾਸ ਤੇ ਲੋੜੀਂਦੀ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ। -ਪੀਟੀਆਈ