ਨਵੀਂ ਦਿੱਲੀ, 3 ਦਸੰਬਰ
ਪ੍ਰੈੱਸ ਕੌਂਸਲ ਆਫ਼ ਇੰਡੀਆ (ਪੀਸੀਆਈ) ਨੇ ਕੇਂਦਰ ਨੂੰ ਬੇਨਤੀ ਕੀਤੀ ਹੈ ਕਿ ਕਰੋਨਾਵਾਇਰਸ ਕਾਰਨ ਮਾਰੇ ਗਏ ਪੱਤਰਕਾਰਾਂ ਨੂੰ ‘ਕੋਵਿਡ ਯੋਧਿਆਂ’ ਦੀ ਸ਼੍ਰੇਣੀ ’ਚ ਸ਼ਾਮਲ ਕੀਤਾ ਜਾਵੇ। ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਲਿਖੇ ਪੱਤਰ ’ਚ ਪੀਸੀਆਈ ਨੇ ਕਿਹਾ ਹੈ ਕਿ ਪੱਤਰਕਾਰਾਂ ਨੂੰ ਵੀ ਡਾਕਟਰਾਂ ਅਤੇ ਸਿਹਤ ਕਾਮਿਆਂ ਵਰਗੇ ਲਾਭ ਦਿੱਤੇ ਜਾਣ। ਉਨ੍ਹਾਂ ਹਰਿਆਣਾ ਸਰਕਾਰ ਦੀ ਤਰਜ਼ ’ਤੇ ਪੱਤਰਕਾਰਾਂ ਲਈ ਗਰੁੱਪ ਇੰਸ਼ੋਰੈਂਸ ਸਕੀਮ ਤਿਆਰ ਕਰਕੇ ਉਸ ਨੂੰ ਲਾਗੂ ਕਰਨ ਲਈ ਕਿਹਾ ਹੈ। ਇਸ ਸਬੰਧੀ ਸਰਬਸੰਮਤੀ ਨਾਲ ਪ੍ਰਸਤਾਵ ਪੇਸ਼ ਕੀਤਾ ਗਿਆ ਹੈ ਜੋ ਪ੍ਰੈੱਸ ਐਸੋਸੀਏਸ਼ਨ ਨੇ ਕੁਝ ਹੋਰ ਜਰਨਲਿਸਟ ਐਸੋਸੀਏਸ਼ਨਾਂ ਨਾਲ ਮਿਲ ਕੇ ਤਿਆਰ ਕੀਤਾ ਹੈ। ਪੀਸੀਆਈ ਨੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਤੇ ਸਾਰੇ ਸੂਬਿਆਂ ਦੇ ਮੁੱਖ ਸਕੱਤਰਾਂ ਨੂੰ ਵੀ ਇਸ ਬਾਰੇ ਪੱਤਰ ਭੇਜੇ ਹਨ।
-ਪੀਟੀਆਈ