ਮੁੰਬਈ, 4 ਅਪਰੈਲ
ਮਨੀ ਲਾਂਡਰਿੰਗ ਨਾਲ ਸਬੰਧਤ ਇੱਕ ਕੇਸ ਵਿੱਚ ਇੱਥੇ ਇੱਕ ਵਿਸ਼ੇਸ਼ ਅਦਾਲਤ ਨੇ ਮਹਾਰਾਸ਼ਟਰ ਦੇ ਮੰਤਰੀ ਨਵਾਬ ਮਲਿਕ ਦੀ ਨਿਆਂਇਕ ਹਿਰਾਸਤ ’ਚ 18 ਅਪਰੈਲ ਤਕ ਵਾਧਾ ਕਰ ਦਿੱਤਾ ਹੈ। ਉਨ੍ਹਾਂ ਨੂੰ ਭਗੌੜੇ ਗੈਂਗਸਟਰ ਦਾਊਦ ਇਬਰਾਹਿਮ ਤੇ ਉਸਦੇ ਸਾਥੀਆਂ ਦੀਆਂ ਗਤੀਵਿਧੀਆਂ ਨਾਲ ਜੁੜੇ ਇੱਕ ਮਨੀ ਲਾਂਡਰਿੰਗ ਕੇਸ ਦੇ ਸਬੰਧ ’ਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ 23 ਫਰਵਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਐੱਨਸੀਪੀ ਆਗੂ 7 ਮਾਰਚ ਤੱਕ ਈਡੀ ਦੀ ਹਿਰਾਸਤ ’ਚ ਸੀ ਜਦਕਿ ਬਾਅਦ ’ਚ ਉਨ੍ਹਾਂ ਨੂੰ 21 ਮਾਰਚ ਤੱਕ ਨਿਆਂਇਕ ਹਿਰਾਸਤ ਤਹਿਤ ਜੇਲ੍ਹ ਭੇਜ ਦਿੱਤਾ ਗਿਆ ਸੀ ਜਿਸਦੀ ਮਿਆਦ ਵਧਾ ਕੇ 4 ਅਪਰੈਲ ਕਰ ਦਿੱਤੀ ਗਈ ਸੀ। ਅੱਜ ਨਵਾਬ ਮਲਿਕ ਨੂੰ ਪੀਐੱਮਐੱਲਏ ਨਾਲ ਸਬੰਧਤ ਕੇਸਾਂ ਦੀ ਸੁਣਵਾਈ ਕਰਨ ਵਾਲੀ ਵਿਸ਼ੇਸ਼ ਅਦਾਲਤ ਅੱਗੇ ਪੇਸ਼ ਕੀਤਾ ਗਿਆ ਜਿਸ ਦੌਰਾਨ ਜੱਜ ਆਰ ਐੱਨ ਰੋਕੜੇ ਵੱਲੋਂ ਉਨ੍ਹਾਂ ਦੀ ਨਿਆਂਇਕ ਹਿਰਾਸਤ ਦੀ ਮਿਆਦ ਵਧਾ ਕੇ 18 ਅਪਰੈਲ ਕਰ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਐੱਨਸੀਪੀ ਆਗੂ ਨੇ ਬਾਂਬੇ ਹਾਈ ਕੋਰਟ ਦੇ ਇੱਕ ਹੁਕਮ ਖ਼ਿਲਾਫ਼ ਸੁਪਰੀਮ ਕੋਰਟ ਵੱਲ ਰੁਖ਼ ਕੀਤਾ ਹੈ, ਜਿਸਨੇ ਉਨ੍ਹਾਂ ਦੀ ਜੇਲ੍ਹ ਤੋਂ ਤੁਰੰਤ ਰਿਹਾਈ ਦੀ ਮੰਗ ਕਰਦੀ ਇੱਕ ਅੰਤਰਿਮ ਅਰਜ਼ੀ ਰੱਦ ਕਰ ਦਿੱਤੀ ਸੀ। -ਪੀਟੀਆਈ