ਬੰਗਲੂਰੂ, 13 ਅਪਰੈਲ
ਠੇਕੇਦਾਰ ਸੰਤੋਸ਼ ਪਾਟਿਲ ਦੀ ਮੌਤ ਦੇ ਮਾਮਲੇ ’ਚ ਕਰਨਾਟਕ ਦੇ ਸੀਨੀਅਰ ਮੰਤਰੀ ਆਰ ਈਸ਼ਵਰੱਪਾ ਖ਼ਿਲਾਫ਼ ਖੁਦਕੁਸ਼ੀ ਲਈ ਉਕਸਾਉਣ ਦਾ ਕੇਸ ਦਰਜ ਕੀਤਾ ਗਿਆ ਹੈ। ਵਿਰੋਧੀ ਧਿਰ ਵੱਲੋਂ ਅਸਤੀਫ਼ੇ ਦੀ ਕੀਤੀ ਜਾ ਰਹੀ ਮੰਗ ਨੂੰ ਮੰਤਰੀ ਨੇ ਨਕਾਰ ਦਿੱਤਾ ਹੈ। ਕਾਂਗਰਸ ਨੇ ਕਰਨਾਟਕ ਦੇ ਰਾਜਪਾਲ ਥਾਵਰਚੰਦ ਗਹਿਲੋਤ ਨੂੰ ਈਸ਼ਵਰੱਪਾ ਨੂੰ ਮੰਤਰੀ ਮੰਡਲ ’ਚੋਂ ਹਟਾਉਣ ਦੀ ਮੰਗ ਕੀਤੀ ਹੈ। ਕਾਂਗਰਸ ਜਨਰਲ ਸਕੱਤਰ ਅਤੇ ਮੁੱਖ ਤਰਜਮਾਨ ਰਣਦੀਪ ਸੁਰਜੇਵਾਲਾ ਨੇ ਸੰਤੋਸ਼ ਪਾਟਿਲ ਦੀ ਮੌਤ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਮੁੱਖ ਮੰਤਰੀ ਬਾਸਵਰਾਜ ਬੋਮਈ ਅਤੇ ਭਾਜਪਾ ਪ੍ਰਧਾਨ ਜੇ ਪੀ ਨੱਢਾ ਦੀ ਖਾਮੋਸ਼ੀ ’ਤੇ ਸਵਾਲ ਉਠਾਏ ਹਨ। ਉਨ੍ਹਾਂ ਮੰਗ ਕੀਤੀ ਹੈ ਕਿ ਈਸ਼ਵਰੱਪਾ ਖ਼ਿਲਾਫ਼ ਹੱਤਿਆ ਅਤੇ ਭ੍ਰਿਸ਼ਟਾਚਾਰ ਦਾ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਠੇਕੇਦਾਰ ਸੰਤੋਸ਼ ਕੇ ਪਾਟਿਲ ਨੇ ਮੰਤਰੀ ਖ਼ਿਲਾਫ਼ ਰਿਸ਼ਵਤਖੋਰੀ ਦੇ ਦੋਸ਼ ਲਾਏ ਸਨ। ਪਾਟਿਲ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ੀ ਦੀ ਗ੍ਰਿਫ਼ਤਾਰੀ ਹੋਣ ਤੱਕ ਉਸ ਦੀ ਲਾਸ਼ ਲੈਣ ਤੋਂ ਇਨਕਾਰ ਕਰ ਦਿੱਤਾ ਹੈ। -ਪੀਟੀਆਈ