ਗਿਆਨ ਠਾਕੁਰ
ਸ਼ਿਮਲਾ, 24 ਜਨਵਰੀ
ਹਿਮਾਚਲ ਪ੍ਰਦੇਸ਼ ’ਚ ਕਰੋਨਾ ਦੇ ਮਾਮਲਿਆਂ ’ਚ ਭਾਰੀ ਵਾਧੇ ਅਤੇ ਓਮੀਕਰੋਨ ਦੇ ਵਧਦੇ ਖ਼ਤਰੇ ਦੇ ਮੱਦੇਨਜ਼ਰ ਜੈ ਰਾਮ ਠਾਕੁਰ ਸਰਕਾਰ ਨੇ ਕਰੋਨਾ ਪਾਬੰਦੀਆਂ 31 ਜਨਵਰੀ ਤੱਕ ਵਧਾ ਦਿੱਤੀਆਂ ਹਨ। ਮੁੱਖ ਮੰਤਰੀ ਜੈ ਰਾਮ ਠਾਕੁਰ ਦੀ ਪ੍ਰਧਾਨਗੀ ’ਚ ਅੱਜ ਸ਼ਿਮਲਾ ਵਿਚ ਹੋਈ ਉੱਚ ਪੱਧਰੀ ਬੈਠਕ ’ਚ ਕਰੋਨਾ ਪਾਬੰਦੀਆਂ ਵਧਾਉਣ ਦਾ ਫੈਸਲਾ ਲਿਆ ਗਿਆ। ਸੂਬਾ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਸੂਬੇ ’ਚ ਵਿੱਦਿਅਕ ਅਦਾਰੇ ਹੁਣ 31 ਜਨਵਰੀ ਤੱਕ ਬੰਦ ਰਹਿਣਗੇ। ਓਮੀਕਰੋਨ ਦੇ ਵਧਦੇ ਖ਼ਤਰੇ ਦੇ ਬਾਵਜੂਦ ਸਰਕਾਰ ਨੇ ਫਿਲਹਾਲ ਬਾਹਰਲੇ ਰਾਜਾਂ ਤੋਂ ਆਉਣ ਵਾਲੇ ਲੋਕਾਂ ’ਤੇ ਕੋਈ ਪਾਬੰਦੀ ਨਾ ਲਾਉਣ ਦਾ ਫੈਸਲਾ ਕੀਤਾ ਹੈ। ਇਸ ਦੌਰਾਨ ਸੂਬੇ ’ਚ ਕਰੋਨਾ ਦੇ ਮਾਮਲਿਆਂ ‘ਚ ਵਾਧੇ ਦੇ ਨਾਲ-ਨਾਲ ਕਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੀ ਤੇਜ਼ੀ ਨਾਲ ਵੱਧ ਰਹੀ ਹੈ।