ਨਵੀਂ ਦਿੱਲੀ, 13 ਅਗਸਤ
ਕੋਰਟ ਨੇ ਕਥਿਤ ਆਬਕਾਰੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਭਾਰਤ ਰਾਸ਼ਟਰ ਸਮਿਤੀ (ਬੀਆਰਐੱਸ) ਆਗੂ ਕੇ.ਕਵਿਤਾ ਤੇ ਹੋਰਨਾਂ ਦੀ ਨਿਆਂਇਕ ਹਿਰਾਸਤ 2 ਸਤੰਬਰ ਤੱਕ ਵਧਾ ਦਿੱਤੀ ਹੈ। ਮੁਲਜ਼ਮਾਂ ਨੂੰ ਉਨ੍ਹਾਂ ਦੀ ਨਿਆਂਇਕ ਰਿਮਾਂਡ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਜ਼ਰੀਏ ਕੋਰਟ ਵਿਚ ਪੇਸ਼ ਕੀਤਾ ਗਿਆ ਸੀ, ਜਿੱਥੇ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਉਨ੍ਹਾਂ ਦਾ ਰਿਮਾਂਡ ਵਧਾ ਦਿੱਤਾ। ਸੁਪਰੀਮ ਕੋਰਟ ਇਸ ਕੇਸ ਵਿਚ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇ ਚੁੱਕੀ ਹੈ, ਪਰ ‘ਆਪ’ ਆਗੂ ਅਜੇ ਵੀ ਤਿਹਾੜ ਜੇਲ੍ਹ ਵਿਚ ਬੰਦ ਹੈ ਕਿਉਂਕਿ ਉਨ੍ਹਾਂ ਕੇਸ ਵਿਚ ਜ਼ਮਾਨਤੀ ਬਾਂਡ ਨਹੀਂ ਭਰਿਆ। -ਪੀਟੀਆਈ