ਮੁੰਬਈ, 31 ਦਸੰਬਰ
ਖ਼ਾਲਿਸਤਾਨੀ ਪੱਖੀਆਂ ਵੱਲੋਂ ਸੰਭਾਵਿਤ ਅਤਿਵਾਦੀ ਹਮਲੇ ਬਾਰੇ ਖੁਫੀਆ ਸੂਚਨਾ ਦੇ ਮੱਦੇਨਜ਼ਰ ਮੁੰਬਈ ਪੁਲੀਸ ਨੇ ਲੋਕਾਂ ਨੂੰ ਨਵੇਂ ਸਾਲ ਦੀਆਂ ਪਾਰਟੀਆਂ ਨਾ ਕਰਨ ਤੇ ਘਰਾਂ ਅੰਦਰ ਰਹਿਣ ਦੀ ਅਪੀਲ ਕੀਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਅਤਿਵਾਦੀ ਹਮਲਿਆਂ ਦੇ ਸੰਭਾਵੀ ਖਤਰੇ ਦੇ ਮੱਦੇਨਜ਼ਰ ਪੁਲੀਸ ਨੇ ਸ਼ਹਿਰ ਦੇ ਪ੍ਰਮੁੱਖ ਰੇਲਵੇ ਸਟੇਸ਼ਨਾਂ ਅਤੇ ਹੋਰ ਮਹੱਤਵਪੂਰਨ ਸਥਾਨਾਂ ‘ਤੇ ਸੁਰੱਖਿਆ ਵਧਾ ਦਿੱਤੀ ਹੈ। ਪੁਲੀਸ ਮੁਲਾਜ਼ਮਾਂ ਦੀਆਂ ਹਫ਼ਤਾਵਾਰੀ ਛੁੱਟੀਆਂ ਅਤੇ ਹੋਰ ਛੁੱਟੀਆਂ ਵੀ ਰੱਦ ਕਰ ਦਿੱਤੀਆਂ ਗਈਆਂ ਹਨ ਤਾਂ ਜੋ ਨਵੇਂ ਸਾਲ ਦੀ ਪੂਰਵ ਸੰਧਿਆ ‘ਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਸਮੁੱਚੀ ਪੁਲੀਸ ਫੋਰਸ ਮੌਜੂਦ ਰਹੇ। ਇਸ ਤੋਂ ਇਲਾਵਾ ਕਰੋਨਾ ਵਾਇਰਸ ਦੇ ਨਵੇਂ ਰੂਪ ਓਮੀਕਰੋਨ ਦੇ ਮੱਦੇਨਜ਼ਰ ਪੁਲੀਸ ਨੇ ਨਵੇਂ ਸਾਲ ਦੇ ਜਸ਼ਨ ਲਈ ਕਿਸੇ ਵੀ ਬੰਦ ਜਾਂ ਖੁੱਲੀ ਜਗ੍ਹਾ ‘ਤੇ ਇਕੱਠੇ ਹੋਣ ‘ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਇਸ ਵਿੱਚ ਹੋਟਲ ਅਤੇ ਰੈਸਟੋਰੈਂਟ ਵੀ ਸ਼ਾਮਲ ਹਨ।