ਲਖੀਮਪੁਰ ਖੀਰੀ, 20 ਅਗਸਤ
ਇਥੇ ਜ਼ਿਲ੍ਹਾ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਕਿਸਾਨ ਅੰਦੋਲਨ ਅੱਜ ਸਮਾਪਤ ਹੋ ਗਿਆ। ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਦੇ ਆਗੂ ਰਾਕੇਸ਼ ਟਿਕੈਤ ਨੇ ਅੰਦੋਲਨ ਨੂੰ ਵਾਪਸ ਲੈਂਦਿਆਂ ਕਿਹਾ ਕਿ ਉਹ ਭਵਿੱਖ ਦੀ ਰਣਨੀਤੀ ਤੈਅ ਕਰਨ ਲਈ 6 ਸਤੰਬਰ ਨੂੰ ਦਿੱਲੀ ਵਿੱਚ ਮੀਟਿੰਗ ਕਰਨਗੇ। ਅੱਜ ਬਾਅਦ ਦੁਪਹਿਰ 2.30 ਵਜੇ ਦੇ ਕਰੀਬ ਜ਼ਿਲ੍ਹਾ ਮੈਜਿਸਟਰੇਟ ਮਹਿੰਦਰ ਬਹਾਦਰ ਸਿੰਘ ਤੇ ਹੋਰਾਂ ਨੇ ਧਰਨੇ ਵਾਲੀ ਥਾਂ ’ਤੇ ਪਹੁੰਚ ਕੇ ਕਿਸਾਨਾਂ ਵੱਲੋਂ ਮੰਗ ਪੱਤਰ ਲਿਆ। ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਸਤੰਬਰ ਦੇ ਪਹਿਲੇ ਹਫ਼ਤੇ ਕਿਸਾਨਾਂ ਲਈ ਸਰਕਾਰੀ ਪੱਧਰ ‘ਤੇ ਮੀਟਿੰਗ ਦਾ ਪ੍ਰਬੰਧ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਟਿਕੈਤ ਅਤੇ ਹੋਰ ਕਿਸਾਨ ਆਗੂਆਂ ਨੇ 75 ਘੰਟਿਆਂ ਤੋਂ ਚੱਲਿਆ ਧਰਨਾ ਸਮਾਪਤ ਕਰ ਦਿੱਤਾ।
ਇਸ ਤੋਂ ਪਹਿਲਾਂ ਮਾਨਸਾ ਤੋਂ ਜੋਗਿੰਦਰ ਸਿੰਘ ਮਾਨ ਨੇ ਆਪਣੇ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਮਿਲਣ ਬਾਅਦ ਦੱਸਿਆ ਕਿ ਕਿਸਾਨ ਮੋਰਚੇ ਦੇ ਸੱਦੇ ਤਹਿਤ ਅੱਜ ਲਖਮੀਰਪੁਰ ਖੀਰੀ ਵਿਖੇ ਕਿਸਾਨਾਂ ਦਾ ਧਰਨਾ ਤੀਸਰੇ ਦਿਨ ਵਿਚ ਸ਼ਾਮਲ ਹੋ ਗਿਆ, ਜਿਸ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਬਰਖਾਸਤ ਕਰਕੇ ਉਸ ਨੂੰ ਗ੍ਰਿਫਤਾਰ ਕਰਨ ਦੀ ਮੰਗ ਲਈ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਦੇ ਨਾਲ ਨਾਜਾਇਜ਼ ਤੌਰ ’ਤੇ ਜੇਲ ਭੇਜੇ ਕਿਸਾਨਾਂ ’ਤੇ ਦਰਜ ਮਾਮਲੇ ਰੱਦ ਕਰਨ ਤੇ ਉਨ੍ਹਾਂ ਨੂੰ ਤੁਰੰਤ ਬਿਨਾਂ ਸ਼ਰਤ ਰਿਹਾਅ ਕਰਨ ਦੀ ਮੰਗ ਕੀਤੀ ਗਈ। ਅੱਜ ਦੇ ਇਸ ਮੋਰਚੇ ਦੇ ਵਿੱਚ ਸ਼ਾਮਲ ਹੋਣ ਵਾਸਤੇ ਪੰਜਾਬ ਹਰਿਆਣਾ, ਯੂ ਪੀ, ਦਿੱਲੀ, ਰਾਜਸਥਾਨ, ਉੱਤਰਾਖੰਡ ਅਤੇ ਹੋਰ ਬਹੁਤ ਸਾਰੇ ਸੂਬਿਆਂ ਦੇ ਵਿੱਚੋਂ ਕਿਸਾਨ ਤੇ ਕਿਸਾਨ ਬੀਬੀਆਂ ਬੱਚਿਆਂ ਸਮੇਤ ਜੋਸ਼ੋ ਖਰੋਸ਼ ਨਾਲ ਸ਼ਾਮਲ ਹੋਈਆਂ। ਧਰਨੇ ਦੌਰਾਨ ਭਾਰਤੀ ਕਿਸਾਨ ਯੂਨੀਅਨ (ਏਕਤਾ ਡਕੌਂਦਾ) ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜੋਗਿੰਦਰ ਸਿੰਘ ਉਗਰਾਹਾਂ, ਕ੍ਰਾਂਤੀਕਾਰੀ ਦੇ ਡਾ. ਦਰਸ਼ਨਪਾਲ, ਲੱਖੋਵਾਲ ਦੇ ਸੂਬਾ ਆਗੂ ਪ੍ਰਸੋਤਮ ਸਿੰਘ ਗਿੱਲ, ਕਾਦੀਆਂ ਦੇ ਸੰਪੂਰਨ ਚੁੰਘਾ, ਜਮਹੂਰੀ ਕਿਸਾਨ ਸਭਾ ਦੇ ਅਮਰੀਕ ਸਿੰਘ ਪੰਜਾਬ ’ਚੋਂ ਗਏ ਮੁੱਖ ਬੁਲਾਰਿਆਂ ਵਲੋਂ ਸੰਬੋਧਨ ਕੀਤਾ ਗਿਆ।