ਕੋਲਕਾਤਾ, 19 ਸਤੰਬਰ
ਪੱਛਮੀ ਬੰਗਾਲ ਦੇ ਡਾਕਟਰਾਂ ਨੇ ਐਲਾਨ ਕੀਤਾ ਹੈ ਕਿ ਉਹ ਸ਼ਨਿਚਰਵਾਰ (21 ਸਤੰਬਰ) ਤੋਂ ਕੰਮ ’ਤੇ ਪਰਤਣਗੇ। ਪ੍ਰਦਰਸ਼ਨਕਾਰੀ ਡਾਕਟਰਾਂ ਨੇ ਕਿਹਾ ਕਿ ਉਹ ਸਵਾਸਥ ਭਵਨ ਦੇ ਬਾਹਰ ਚੱਲ ਰਿਹਾ ਧਰਨਾ ਵੀ ਚੁੱਕ ਲੈਣਗੇ। ਇਸ ਤੋਂ ਪਹਿਲਾਂ ਆਰਜੀ ਕਰ ਮੈਡੀਕਲ ਕਾਲਜ ਦੇ ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼ ਦੀ ਮੈਡੀਕਲ ਰਜਿਸਟਰੇਸ਼ਨ ਰੱਦ ਕਰ ਦਿੱਤੀ ਗਈ। ਡਾਕਟਰਾਂ ਨੇ ਕਿਹਾ ਕਿ ਉਹ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਆਪਣੀਆਂ ਸੇਵਾਵਾਂ ਦੇਣਗੇ। ਡਾਕਟਰਾਂ ਨੇ ਕਿਹਾ ਕਿ ਉਹ ਧਰਨਾ ਖਤਮ ਕਰਨ ਤੋਂ ਪਹਿਲਾਂ 20 ਸਤੰਬਰ ਨੂੰ ਸਿਹਤ ਵਿਭਾਗ ਦੇ ਹੈੱਡਕੁਆਰਟਰ ਸਵਾਸਥ ਭਵਨ ਤੋਂ ਸੀਬੀਆਈ ਦਫ਼ਤਰ ਤੱਕ ਮਾਰਚ ਕਰਨਗੇ।
ਪ੍ਰਦਰਸ਼ਨ ਕਰ ਰਹੇ ਡਾਕਟਰਾਂ ਨੇ ਕਿਹਾ ਕਿ ਉਹ ਓਪੀਡੀ ਵਿੱਚ ਕੰਮ ਨਹੀਂ ਕਰਨਗੇ ਪਰ ਐਮਰਜੈਂਸੀ ਅਤੇ ਜ਼ਰੂਰੀ ਸੇਵਾਵਾਂ ਵਿੱਚ ਅੰਸ਼ਕ ਤੌਰ ’ਤੇ ਕੰਮ ਕਰਨਗੇ। ਇਹ ਡਾਕਟਰ ਸ਼ੁੱਕਰਵਾਰ ਨੂੰ ਸੀਬੀਆਈ ਦਫ਼ਤਰ ਵੱਲ ਮਾਰਚ ਕਰਨ ਤੋਂ ਬਾਅਦ ਧਰਨਾ ਸਮਾਪਤ ਕਰਨਗੇ। ਡਾਕਟਰਾਂ ਨੇ ਕਿਹਾ ਕਿ ਉਨ੍ਹਾਂ ਦੀ ਨਿਆਂ ਲਈ ਲੜਾਈ ਖਤਮ ਨਹੀਂ ਹੋਈ ਹੈ। ਦੱਸਣਾ ਬਣਦਾ ਹੈ ਕਿ ਇਹ ਡਾਕਟਰ ਪਿਛਲੇ 41 ਦਿਨਾਂ ਤੋਂ ਆਪਣੀਆਂ ਮੰਗਾਂ ਮੰਨਵਾਉਣ ਲਈ ਸੰਘਰਸ਼ ਕਰ ਰਹੇ ਹਨ। ਦੱਸਣਾ ਬਣਦਾ ਹੈ ਕਿ ਮਮਤਾ ਬੈਨਰਜੀ ਸਰਕਾਰ ਨੇ ਦੋ ਦਿਨ ਪਹਿਲਾਂ ਡਾਕਟਰਾਂ ਦੀਆਂ ਕਈ ਮੰਗਾਂ ਮੰਨ ਲਈਆਂ ਸਨ। ਪ੍ਰਦਰਸ਼ਨਕਾਰੀ ਡਾਕਟਰਾਂ ਨੇ ਕਿਹਾ ਕਿ ਉਹ ਇਕ ਹਫਤਾ ਉਡੀਕ ਕਰਨਗੇ ਤੇ ਜੇ ਸਰਕਾਰ ਨੇ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਤਾਂ ਉਹ ਪੂਰਨ ਤੌਰ ’ਤੇ ਹੜਤਾਲ ਸਮਾਪਤ ਕਰ ਦੇਣਗੇ। -ਪੀਟੀਆਈ