ਨਵੀਂ ਦਿੱਲੀ, 9 ਸਤੰਬਰ
ਸੁਪਰੀਮ ਕੋਰਟ ਨੇ ਕੋਲਕਾਤਾ ਦੇ ਆਰਜੀ ਕਰ ਮੈਡੀਕਲ ਕਾਲਜ ’ਚ ਮਹਿਲਾ ਡਾਕਟਰ ਦੀ ਜਬਰ-ਜਨਾਹ ਮਗਰੋਂ ਹੱਤਿਆ ਦੇ ਮਾਮਲੇ ’ਚ ਪੋਸਟਮਾਰਟਮ ਲਈ ਜ਼ਰੂਰੀ ਅਹਿਮ ਦਸਤਾਵੇਜ਼ ‘ਚਲਾਨ’ ਰਿਕਾਰਡ ’ਚ ਨਾ ਹੋਣ ’ਤੇ ਚਿੰਤਾ ਜਤਾਈ ਅਤੇ ਸੀਬੀਆਈ ਨੂੰ ਇਸ ਸਬੰਧੀ ਜਾਂਚ ਕਰਨ ਲਈ ਕਿਹਾ। ਉਨ੍ਹਾਂ ਪੱਛਮੀ ਬੰਗਾਲ ਸਰਕਾਰ ਤੋਂ ਵੀ ਇਸ ਬਾਰੇ ਜਵਾਬ ਮੰਗਿਆ ਹੈ। ਸਿਖਰਲੀ ਅਦਾਲਤ ਨੇ ਪੱਛਮੀ ਬੰਗਾਲ ਵਿੱਚ ਪ੍ਰਦਰਸ਼ਨ ਕਰ ਰਹੇ ਰੈਜ਼ੀਡੈਂਟ ਡਾਕਟਰਾਂ ਨੂੰ ਭਲਕੇ ਮੰਗਲਵਾਰ ਸ਼ਾਮ 5 ਵਜੇ ਤੱਕ ਕੰਮ ’ਤੇ ਪਰਤਣ ਦਾ ਨਿਰਦੇਸ਼ ਦਿੰਦਿਆਂ ਕਿਹਾ ਕਿ ਕੰਮ ਬਹਾਲ ਕਰਨ ’ਤੇ ਉਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਪੱਛਮੀ ਬੰਗਾਲ ਸਰਕਾਰ ਨੇ ਸਿਖਰਲੀ ਅਦਾਲਤ ਨੂੰ ਭਰੋਸਾ ਦਿੱਤਾ ਸੀ ਕਿ ਕੰਮ ’ਤੇ ਪਰਤਣ ਮਗਰੋਂ ਪ੍ਰਦਰਸ਼ਨਕਾਰੀ ਡਾਕਟਰਾਂ ਖ਼ਿਲਾਫ਼ ਕੋਈ ਵੀ ਕਾਰਵਾਈ ਨਹੀਂ ਕੀਤੀ ਜਾਵੇਗੀ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਹੇਠਲੇ ਬੈਂਚ ਨੇ ਇਸ ਮਾਮਲੇ ਵਿੱਚ ਐੱਫਆਈਆਰ ਦਰਜ ਹੋਣ ’ਚ ਕੋਲਕਾਤਾ ਪੁਲੀਸ ਵੱਲੋਂ ਕੀਤੀ ਗਈ ਘੱਟੋ-ਘੱਟ 14 ਘੰਟੇ ਦੀ ਦੇਰੀ ’ਤੇ ਵੀ ਸਵਾਲ ਉਠਾਏ। ਸੁਪਰੀਮ ਕੋਰਟ ਨੇ ਸੀਬੀਆਈ ਨੂੰ ਜਾਂਚ ਬਾਰੇ 17 ਸਤੰਬਰ ਤੱਕ ਨਵੀਂ ਰਿਪੋਰਟ ਪੇਸ਼ ਕਰਨ ਦਾ ਵੀ ਨਿਰਦੇਸ਼ ਦਿੱਤਾ ਜਦੋਂ ਮਾਮਲੇ ’ਤੇ ਅੱਗੇ ਸੁਣਵਾਈ ਹੋਵੇਗੀ। ਬੈਂਚ ਨੇ ਕਿਹਾ,‘ਜਦੋਂ ਦੇਹ ਪੋਸਟਮਾਰਟਮ ਲਈ ਸੌਂਪੀ ਗਈ ਸੀ ਤਾਂ ਉਸ ਦਾ ਚਲਾਨ ਕਿੱਥੇ ਹੈ?’ ਸੀਬੀਆਈ ਵੱਲੋਂ ਪੇਸ਼ ਹੋਏ ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਦੱਸਿਆ ਕਿ ਚਲਾਨ ਉਨ੍ਹਾਂ ਦੇ ਰਿਕਾਰਡ ਦਾ ਹਿੱਸਾ ਨਹੀਂ ਹੈ, ਜਦਕਿ ਪੱਛਮੀ ਬੰਗਾਲ ਸਰਕਾਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਦੱਸਿਆ ਕਿ ਉਨ੍ਹਾਂ ਨੂੰ ਤੁਰੰਤ ਇਹ ਦਸਤਾਵੇਜ਼ ਨਹੀਂ ਮਿਲਿਆ ਅਤੇ ਉਹ ਛੇਤੀ ਹੀ ਅਦਾਲਤ ਨੂੰ ਇਸ ਦੀ ਜਾਣਕਾਰੀ ਦੇਣਗੇੇ। ਸੁਪਰੀਮ ਕੋਰਟ ਨੇ ਪੀੜਤਾ ਦੀਆਂ ਤਸਵੀਰਾਂ ਸਾਰੇ ਸੋਸ਼ਲ ਮੀਡੀਆ ਪਲੈਟਫਾਰਮਾਂ ਤੋਂ ਤੁਰੰਤ ਹਟਾਉਣ ਦੇ ਵੀ ਨਿਰਦੇਸ਼ ਦਿੱਤੇ ਹਨ। ਸੂਬੇ ’ਚ ਮੈਡੀਕਲ ਸੰਸਥਾਨਾਂ ਦੀ ਸੁਰੱਖਿਆ ਦੇ ਮੁੱਦੇ ’ਤੇ ਸੁਪਰੀਮ ਕੋਰਟ ਨੇ ਕਿਹਾ, ‘ਪੱਛਮੀ ਬੰਗਾਲ ’ਚ ਸਾਰੇ ਡੀਐੱਮਜ਼, ਐੱਸਪੀਜ਼ ਸਰਕਾਰੀ ਮੈਡੀਕਲ ਕਾਲਜਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਹਾਲਾਤ ਦਾ ਜਾਇਜ਼ਾ ਲੈਣਗੇ।’ ਮਾਮਲੇ ਦੀ ਸੁਣਵਾਈ ਸ਼ੁਰੂ ਹੁੰਦੇ ਸਾਰ ਸੌਲੀਸਿਟਰ ਜਨਰਲ ਨੇ ਸੀਲਬੰਦ ਲਿਫ਼ਾਫ਼ੇ ’ਚ ਰਿਪੋਰਟ ਦਾਖ਼ਲ ਕੀਤੀ। ਬੈਂਚ ਨੇ ਕਿਹਾ ਕਿ ਸੀਬੀਆਈ ਵੱਲੋਂ ਸਟੇਟਸ ਰਿਪੋਰਟ ਦਾਖ਼ਲ ਕੀਤੀ ਗਈ ਹੈ ਜਿਸ ਤੋਂ ਪਤਾ ਲਗਦਾ ਹੈ ਕਿ ਜਾਂਚ ਜਾਰੀ ਹੈ ਅਤੇ ਉਹ ਸੀਬੀਆਈ ਨੂੰ ਨਵੀਂ ਰਿਪੋਰਟ ਦਾਖ਼ਲ ਕਰਨ ਦੇ ਨਿਰਦੇਸ਼ ਦਿੰਦੇ ਹਨ। ਮਹਿਤਾ ਨੇ ਬੈਂਚ ਨੂੰ ਦੱਸਿਆ ਕਿ ਜਾਂਚ ਏਜੰਸੀ ਨੇ ਫੋਰੈਂਸਿਕ ਨਮੂਨੇ ਏਮਜ਼ ਭੇਜਣ ਦਾ ਫ਼ੈਸਲਾ ਲਿਆ ਹੈ। ਸੁਪਰੀਮ ਕੋਰਟ ਨੇ ਪੱਛਮੀ ਬੰਗਾਲ ਸਰਕਾਰ ਦੇ ਗ੍ਰਹਿ ਵਿਭਾਗ ਅਤੇ ਸੀਆਈਐੱਸਐੱਫ ਦੇ ਸੀਨੀਅਰ ਅਫ਼ਸਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਸੀਆਈਐੱਸਐੱਫ ਦੀਆਂ ਸਾਰੀਆਂ ਤਿੰਨ ਕੰਪਨੀਆਂ ਲਈ ਠਹਿਰ ਯਕੀਨੀ ਬਣਾਉਣ। ਉਨ੍ਹਾਂ ਸੀਆਈਐੱਸਐੱਫ ਨੂੰ ਲੋੜੀਂਦੇ ਸੁਰੱਖਿਆ ਉਪਕਰਨ ਵੀ ਅੱਜ ਹੀ ਦੇਣ ਦੇ ਨਿਰਦੇਸ਼ ਦਿੱਤੇ। ਪੱਛਮੀ ਬੰਗਾਲ ਸਰਕਾਰ ਨੇ ਸਿਖਰਲੀ ਅਦਾਲਤ ਨੂੰ ਦੱਸਿਆ ਕਿ ਡਾਕਟਰਾਂ ਦੀ ਹੜਤਾਲ ਕਾਰਨ 23 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਸਿੱਬਲ ਨੇ ਸੂਬੇ ਦੇ ਸਿਹਤ ਵਿਭਾਗ ਵੱਲੋਂ ਦਾਖ਼ਲ ਰਿਪੋਰਟ ਵੀ ਪੇਸ਼ ਕੀਤੀ। -ਪੀਟੀਆਈ
ਪ੍ਰਦਰਸ਼ਨਾਂ ਪਿੱਛੇ ਕੇਂਦਰ ਅਤੇ ਖੱਬੇ-ਪੱਖੀ ਪਾਰਟੀਆਂ ਦੀ ਸਾਜ਼ਿਸ਼: ਮਮਤਾ
ਕੋਲਕਾਤਾ:
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਦੋਸ਼ ਲਾਇਆ ਹੈ ਕਿ ਮਹਿਲਾ ਡਾਕਟਰ ਦੀ ਮੌਤ ਮਗਰੋਂ ਜਾਰੀ ਪ੍ਰਦਰਸ਼ਨਾਂ ਪਿੱਛੇ ਕੇਂਦਰ ਅਤੇ ਖੱਬੇ-ਪੱਖੀ ਪਾਰਟੀਆਂ ਦੀ ਸਾਜ਼ਿਸ਼ ਹੈ। ਸੂਬਾ ਸਕੱਤਰੇਤ ’ਚ ਪ੍ਰਸ਼ਾਸਕੀ ਨਜ਼ਰਸਾਨੀ ਮੀਟਿੰਗ ਦੌਰਾਨ ਮਮਤਾ ਨੇ ਇਹ ਵੀ ਦਾਅਵਾ ਕੀਤਾ ਕਿ ਉਨ੍ਹਾਂ ਮਹਿਲਾ ਡਾਕਟਰ ਦੇ ਮਾਪਿਆਂ ਨੂੰ ਪੈਸਿਆਂ ਦੀ ਕੋਈ ਪੇਸ਼ਕਸ਼ ਨਹੀਂ ਕੀਤੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਤਿਉਹਾਰਾਂ ਲਈ ਵਾਪਸ ਪਰਤਣ ਕਿਉਂਕਿ ਦੁਰਗਾ ਪੂਜਾ ਦਾ ਤਿਉਹਾਰ ਆਉਣ ਵਾਲਾ ਹੈ। ਮਮਤਾ ਨੇ ਕਿਹਾ, ‘ਮੈਂ ਪੀੜਤਾ ਦੇ ਪਰਿਵਾਰ ਨੂੰ ਪੈਸਿਆਂ ਦੀ ਕੋਈ ਪੇਸ਼ਕਸ਼ ਨਹੀਂ ਕੀਤੀ ਹੈ। ਮੈਂ ਮਾਪਿਆਂ ਨੂੰ ਸਿਰਫ਼ ਇੰਨਾ ਆਖਿਆ ਹੈ ਕਿ ਜੇ ਉਹ ਆਪਣੀ ਧੀ ਦੀ ਯਾਦ ’ਚ ਕੁਝ ਕਰਨਾ ਚਾਹੁੰਦੇ ਹਨ ਤਾਂ ਸਰਕਾਰ ਉਨ੍ਹਾਂ ਨਾਲ ਹੈ।’ ਉਨ੍ਹਾਂ ਕਿਹਾ ਕਿ ਕੁਝ ਲੋਕ ਗੁਆਂਢੀ ਮੁਲਕ ਦੇ ਹਾਲਾਤ ਦਾ ਲਾਹਾ ਲੈ ਰਹੇ ਹਨ ਪਰ ਉਹ ਭੁੱਲ ਗਏ ਹਨ ਕਿ ਭਾਰਤ ਅਤੇ ਬੰਗਲਾਦੇਸ਼ ਵੱਖੋ ਵੱਖਰੇ ਮੁਲਕ ਹਨ। ਜੂਨੀਅਰ ਡਾਕਟਰਾਂ ਨੂੰ ਕੰਮ ’ਤੇ ਛੇਤੀ ਪਰਤਣ ਦੀ ਬੇਨਤੀ ਕਰਦਿਆਂ ਮਮਤਾ ਨੇ ਕਿਹਾ ਕਿ ਕੋਲਕਾਤਾ ਪੁਲੀਸ ਕਮਿਸ਼ਨਰ ਵਿਨੀਤ ਗੋਇਲ ਨੇ ਪ੍ਰਦਰਸ਼ਨਾਂ ਕਾਰਨ ਅਸਤੀਫ਼ਾ ਦੇਣ ਦੀ ਪੇਸ਼ਕਸ਼ ਕੀਤੀ ਸੀ ਪਰ ਸਰਕਾਰ ਨੂੰ ਅਜਿਹੇ ਅਧਿਕਾਰੀ ਦੀ ਲੋੜ ਹੈ ਜੋ ਦੂਰਗਾ ਪੂਜਾ ਤੋਂ ਪਹਿਲਾਂ ਅਮਨ-ਕਾਨੂੰਨ ਦੀ ਹਾਲਤ ਨੂੰ ਬਿਹਤਰ ਜਾਣਦਾ ਹੋਵੇ। -ਪੀਟੀਆਈ
ਟੀਐੱਮਸੀ ਵੱਲੋਂ ਡਾਕਟਰਾਂ ਨੂੰ ਕੰਮ ’ਤੇ ਪਰਤਣ ਦੇ ਨਿਰਦੇਸ਼ ਦੇਣ ਦਾ ਸਵਾਗਤ
ਕੋਲਕਾਤਾ:
ਤ੍ਰਿਣਮੂਲ ਕਾਂਗਰਸ (ਟੀਐੱਮਸੀ) ਨੇ ਸੁਪਰੀਮ ਕੋਰਟ ਵੱਲੋਂ ਪੱਛਮੀ ਬੰਗਾਲ ’ਚ ਪ੍ਰਦਰਸ਼ਨ ਕਰ ਰਹੇ ਡਾਕਟਰਾਂ ਨੂੰ ਮੰਗਲਵਾਰ ਨੂੰ ਕੰਮ ’ਤੇ ਪਰਤਣ ਦੇ ਨਿਰਦੇਸ਼ ਦੇਣ ਦਾ ਸਵਾਗਤ ਕੀਤਾ ਹੈ। ਪਾਰਟੀ ਨੇ ‘ਐਕਸ’ ’ਤੇ ਪੋਸਟ ਪਾ ਕੇ ਕਿਹਾ ਕਿ ਡਿਊਟੀ ਨੂੰ ਅਣਗੌਲਿਆ ਕਰਕੇ ਪ੍ਰਦਰਸ਼ਨ ਨਹੀਂ ਕੀਤੇ ਜਾ ਸਕਦੇ ਹਨ। ਉਨ੍ਹਾਂ ਡਾਕਟਰਾਂ ਨੂੰ ਨਿਰਦੇਸ਼ ਦੇਣ ਲਈ ਸੁਪਰੀਮ ਕੋਰਟ ਦਾ ਵੀ ਧੰਨਵਾਦ ਕੀਤਾ ਹੈ। -ਪੀਟੀਆਈ
ਮਮਤਾ ਦੇ ਚਿਹਰੇ ਤੋਂ ਨਕਾਬ ਉਤਰਿਆ: ਭਾਜਪਾ
ਨਵੀਂ ਦਿੱਲੀ:
ਭਾਜਪਾ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ ਕਿ ਸੁਪਰੀਮ ਕੋਰਟ ’ਚ ਉਸ ਦੇ ਚਿਹਰੇ ਤੋਂ ਅੱਜ ਨਕਾਬ ਉਤਰ ਗਿਆ ਹੈ। ਇਥੇ ਪਾਰਟੀ ਦਫ਼ਤਰ ’ਤੇ ਤਰਜਮਾਨ ਗੌਰਵ ਭਾਟੀਆ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਸੁਪਰੀਮ ਕੋਰਟ ਨੇ ਦੇ ਚੀਫ਼ ਜਸਟਿਸ ਨੇ ਪੋਸਟਮਾਰਟਮ ਚਲਾਨ ਰਿਕਾਰਡ ’ਚੋਂ ਗਾਇਬ ਹੋਣ ’ਤੇ ਸਵਾਲ ਚੁੱਕਿਆ ਹੈ। ਉਨ੍ਹਾਂ ਮਮਤਾ ਨੂੰ ਝੂਠੀ ਕਰਾਰ ਦਿੰਦਿਆਂ ਦੋਸ਼ ਲਾਇਆ ਕਿ ਅਹਿਮ ਸਬੂਤ ਨੂੰ ਉਸ ਦੀ ਸ਼ਹਿ ’ਤੇ ਨਸ਼ਟ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਮੁੱਖ ਮੰਤਰੀ ਦੀ ਡਾਕਟਰ ਸੰਦੀਪ ਘੋਸ਼ ਨੂੰ ਬਚਾਉਣ ਦੀ ਕੋਸ਼ਿਸ਼ ਦਾ ਪਰਦਾਫਾਸ਼ ਹੋ ਸਕਦਾ ਸੀ। ਭਾਟੀਆ ਨੇ ਹਸਪਤਾਲ ਦੀ ਸਿਰਫ਼ 27 ਮਿੰਟ ਦੀ ਸੀਸੀਟੀਵੀ ਫੁਟੇਜ ਸੀਬੀਆਈ ਹਵਾਲੇ ਕਰਨ ’ਤੇ ਵੀ ਸਵਾਲ ਚੁੱਕੇ। ਉਨ੍ਹਾਂ ਕੋਲਕਾਤਾ ਪੁਲੀਸ ਕਮਿਸ਼ਨਰ ਨੂੰ ਬਰਖ਼ਾਸਤ ਕਰਨ ਦੀ ਵੀ ਮੰਗ ਕੀਤੀ ਹੈ। -ਪੀਟੀਆਈ