ਪੱਤਰ ਪ੍ਰੇਰਕ
ਨਵੀਂ ਦਿੱਲੀ, 10 ਜੁਲਾਈ
ਰਾਜ ਸਭਾ ਚੋਣਾਂ ਵਿੱਚ ਕਰਾਸ ਵੋਟਿੰਗ ਮਗਰੋਂ ਚਰਚਾ ਵਿੱਚ ਆਏ ਆਦਮਪੁਰ (ਹਰਿਆਣਾ) ਤੋਂ ਕਾਂਗਰਸ ਦੇ ਵਿਧਾਇਕ ਕੁਲਦੀਪ ਬਿਸ਼ਨੋਈ ਨੇ ਅੱਜ ਇੱਥੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਭਾਜਪਾ ਪ੍ਰਧਾਨ ਜੇਪੀ ਨੱਢਾ ਨਾਲ ਮੁਲਾਕਾਤ ਕੀਤੀ। ਇਸ ਮਗਰੋਂ ਬਿਸ਼ਨੋਈ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੇ ਕਿਆਸ ਲਾਏ ਜਾ ਰਹੇ ਹਨ। 53 ਸਾਲਾ ਵਿਧਾਇਕ ਨੇ ਅੱਜ ਇੱਥੇ ਭਾਜਪਾ ਆਗੂਆਂ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦੀ ਸ਼ਲਾਘਾ ਕੀਤੀ। ਕੁਲਦੀਪ ਬਿਸ਼ਨੋਈ ਨੂੰ ਪਿਛਲੇ ਮਹੀਨੇ ਕਾਂਗਰਸ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਹਟਾ ਦਿੱਤਾ ਸੀ। ਉਦੋਂ ਤੋਂ ਹੀ ਉਨ੍ਹਾਂ ਦੀ ਭਾਜਪਾ ਨਾਲ ਨੇੜਤਾ ਵਧਦੀ ਜਾ ਰਹੀ ਹੈ। ਚਾਰ ਵਾਰ ਵਿਧਾਇਕ ਅਤੇ ਦੋ ਵਾਰ ਸੰਸਦ ਮੈਂਬਰ ਰਹਿ ਚੁੱਕੇ ਬਿਸ਼ਨੋਈ ਨੂੰ ਪਿਛਲੇ ਸਾਲ ਹਰਿਆਣਾ ਵਿੱਚ ਕਾਂਗਰਸ ਵੱਲੋਂ ਸੂਬਾ ਪ੍ਰਧਾਨ ਦੇ ਅਹੁਦੇ ਲਈ ਨਜ਼ਰਅੰਦਾਜ਼ ਕੀਤੇ ਜਾਣ ਕਾਰਨ ਵੀ ਉਹ ਪਾਰਟੀ ਤੋਂ ਨਾਰਾਜ਼ ਚੱਲ ਰਹੇ ਹਨ। ਭਾਜਪਾ ਆਗੂਆਂ ਨਾਲ ਮੁਲਾਕਾਤ ਮਗਰੋਂ ਬਿਸ਼ਨੋਈ ਨੇ ਟਵੀਟ ਕੀਤਾ, ‘‘ਅਮਿਤ ਸ਼ਾਹ ਨੂੰ ਮਿਲ ਕੇ ਮਾਣ ਅਤੇ ਖੁਸ਼ੀ ਮਹਿਸੂਸ ਹੋਈ। ਉਹ ਸੱਚੇ ਰਾਜਨੇਤਾ ਹਨ। ਭਾਰਤ ਲਈ ਉਨ੍ਹਾਂ ਦਾ ਦ੍ਰਿਸ਼ਟੀਕੋਣ ਹੈਰਾਨ ਕਰਨ ਵਾਲਾ ਹੈ।’’ ਇੱਕ ਹੋਰ ਟਵੀਟ ਵਿੱਚ ਉਨ੍ਹਾਂ ਕਿਹਾ ਕਿ ਜੇਪੀ ਨੱਢਾ ਨਾਲ ਮਿਲ ਕੇ ਉਨ੍ਹਾਂ ਨੂੰ ਬਹੁਤ ਮਾਣ ਮਹਿਸੂਸ ਹੋਇਆ। ਨੱਢਾ ਦਾ ਨਿਮਰ ਸੁਭਾਅ ਉਨ੍ਹਾਂ ਨੂੰ ਬਾਕੀਆਂ ਨਾਲੋਂ ਅਲੱਗ ਕਰਦਾ ਹੈ। ਕਾਂਗਰਸ ਵਿਧਾਇਕ ਕੁਲਦੀਪ ਬਿਸ਼ਨੋਈ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਕਿਆਸਅਰਾਈਆਂ ਵਿਚਾਲੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੂਡਾ ਨੇ ਕਿਹਾ ਕਿ ਉਸ(ਬਿਸ਼ਨੋਈ) ਨੂੰ ਆਪਣਾ ਫੈਸਲਾ ਲੈਣ ਦਾ ਹੱਕ ਪਰ ਉਸ ਨੂੰ ਅਜਿਹਾ ਕਰਨ ਤੋਂ ਪਹਿਲਾਂ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ ਕਿਉਂਕਿ ਆਦਮਪੁਰ ਦੇ ਲੋਕਾਂ ਨੇ ਉਸ ਨੂੰ ਕਾਂਗਰਸ ਪਾਰਟੀ ਦੇ ਵਿਧਾਇਕ ਵਜੋਂ ਚੁਣਿਆ ਹੈ।