ਲਖਨਊ, 27 ਅਪਰੈਲ
ਅਲਾਹਾਬਾਦ ਹਾਈ ਕੋਰਟ ਦੇ ਜੱਜ ਜਸਟਿਸ ਰਾਜੀਵ ਸਿੰਘ ਨੇ ਲਖੀਮਪੁਰ ਖੀਰੀ ਹਿੰਸਾ ਕੇਸ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਕਰਨ ਵਾਲੇ ਬੈਂਚ ਤੋਂ ਅੱਜ ਖੁ਼ਦ ਨੂੰ ਵੱਖ ਕਰ ਲਿਆ। ਹਾਈ ਕੋਰਟ ਦੇ ਲਖਨਊ ਬੈਂਚ ਵਿੱਚ ਸ਼ਾਮਲ ਜਸਟਿਸ ਰਾਜੀਵ ਸਿੰਘ ਨੇ ਹੀ ਆਸ਼ੀਸ਼ ਮਿਸ਼ਰਾ ਨੂੰ ਪਹਿਲਾਂ ਜ਼ਮਾਨਤ ਦਿੱਤੀ ਸੀ। ਸੁਪਰੀਮ ਕੋਰਟ ਨੇ ਪਿਛਲੇ ਹਫ਼ਤੇ 18 ਅਪਰੈਲ ਨੂੰ ਆਸ਼ੀਸ਼ ਦੀ ਜ਼ਮਾਨਤ ਰੱਦ ਕਰਦਿਆਂ ਹਾਈ ਕੋਰਟ ਨੂੰ ਨਵੇਂ ਸਿਰੇ ਤੋਂ ਜ਼ਮਾਨਤ ਅਰਜ਼ੀ ’ਤੇ ਵਿਚਾਰ ਕਰਨ ਲਈ ਕਿਹਾ ਸੀ। ਜਸਟਿਸ ਰਾਜੀਵ ਸਿੰਘ ਦੇ ਬੈਂਚ ਕੋਲ ਅੱਜ ਮੁੜ ਜ਼ਮਾਨਤ ਅਰਜ਼ੀ ਲੱਗੀ ਤਾਂ ਉਨ੍ਹਾਂ ਖੁ਼ਦ ਨੂੰ ਸੁਣਵਾਈ ਤੋਂ ਲਾਂਭੇ ਕਰ ਲਿਆ। ਕੋਰਟ ਅਧਿਕਾਰੀ ਨੇ ਕਿਹਾ ਕਿ ਜ਼ਮਾਨਤ ਅਰਜ਼ੀ ’ਤੇ ਅਗਲੀ ਸੁਣਵਾਈ ਲਈ ਅਜੇ ਤੱਕ ਕੋਈ ਤਰੀਕ ਨਿਰਧਾਰਿਤ ਨਹੀਂ ਹੋਈ। ਨਵੇਂ ਬੈਂਚ ਦੇ ਗਠਨ ਮਗਰੋਂ ਤਰੀਕ ਮੁਕੱਰਰ ਕੀਤੀ ਜਾਵੇਗੀ। ਕਾਬਿਲੇਗੌਰ ਹੈ ਕਿ ਅਲਾਹਾਬਾਦ ਹਾਈ ਕੋਰਟ ਦੇ ਲਖਨਊ ਬੈਂਚ ਨੇ ਆਸ਼ੀਸ਼ ਮਿਸ਼ਰਾ ਨੂੰ ਪਹਿਲਾਂ ਇਸ ਆਧਾਰ ’ਤੇ ਨਿਯਮਤ ਜ਼ਮਾਨਤ ਦੇ ਦਿੱਤੀ ਸੀ ਕਿ ਇਹ ‘ਵਾਹਨ ਵੱਲੋਂ ਟੱਕਰ ਮਾਰੇ ਜਾਣ ਕਰਕੇ ਹੋਏ ਹਾਦਸੇ’ ਦਾ ਕੇਸ ਬਣਦਾ ਹੈ। ਹਾਲਾਂਕਿ ਸੁਪਰੀਮ ਕੋਰਟ ਨੇ ਇਹ ਕਹਿੰਦਿਆਂ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰ ਦਿੱਤੀ ਕਿ ਅਲਾਹਾਬਾਦ ਹਾਈ ਕੋਰਟ ਨੇ ਪੀੜਤ ਪਰਿਵਾਰਾਂ ਨੂੰ ‘ਨਿਰਪੱਖ ਤੇ ਅਸਰਦਾਰ ਸੁਣਵਾਈ’ ਦਾ ਮੌਕਾ ਨਹੀਂ ਦਿੱਤਾ। ਸੁਪਰੀਮ ਕੋਰਟ ਦੇ ਹੁਕਮਾਂ ਮਗਰੋਂ ਆਸ਼ੀਸ਼ ਮਿਸ਼ਰਾ ਨੇ ਐਤਵਾਰ ਨੂੰ ਲਖੀਮਪੁਰ ਖੀਰੀ ਦੇ ਚੀਫ਼ ਜੁਡੀਸ਼ਲ ਮੈਜਿਸਟਰੇਟ ਦੀ ਕੋਰਟ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ। ਆਸ਼ੀਸ਼ ਮਿਸ਼ਰਾ ਨੂੰ ਲਖੀਮਪੁਰ ਖੀਰੀ ਹਿੰਸਾ ਕੇਸ ਵਿੱਚ 3 ਅਕਤੂਬਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਆਸ਼ੀਸ਼ ਮਿਸ਼ਰਾ ’ਤੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਆਪਣੀ ਐੱਸਯੂਵੀ ਹੇਠ ਦਰੜਨ ਦਾ ਦੋਸ਼ ਹੈ। ਐੱਸਯੂਵੀ ਹੇਠ ਆ ਕੇ ਚਾਰ ਕਿਸਾਨਾਂ ਤੇ ਇਕ ਪੱਤਰਕਾਰ ਦੀ ਜਾਨ ਜਾਂਦੀ ਰਹੀ ਸੀ। ਇਸ ਘਟਨਾ ਮਗਰੋਂ ਭੜਕੀ ਹਿੰਸਾ ਵਿੱਚ ਦੋ ਭਾਜਪਾ ਵਰਕਰਾਂ ਤੇ ਐੱਸਯੂਵੀ ਦੇ ਡਰਾਈਵਰ ਦੀ ਮੌਤ ਹੋ ਗਈ ਸੀ। -ਪੀਟੀਆਈ