ਪੱਤਰ ਪ੍ਰੇਰਕ
ਨਵੀਂ ਦਿੱਲੀ, 8 ਜੂਨ
ਟਿਕਰੀ ਬਾਰਡਰ ’ਤੇ ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਦੇ ਮਾਨਸਾ ਜ਼ਿਲ੍ਹੇ ਦੇ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਨੇ ਕਿਹਾ ਕਿ ਮਾਲਵਾ ਜ਼ੋਨ ਤੋਂ ਕਿਸਾਨਾਂ ਦੇ ਵੱਡੇ ਕਾਫ਼ਲੇ ਇਸੇ ਹਫ਼ਤੇ ਟਿਕਰੀ ਪਹੁੰਚਣਗੇ। ਬੁਰਜਗਿੱਲ ਨੇ ਕਿਹਾ ਕਿ ਟੋਹਾਣਾ ਦੀ ਜਿੱਤ ਨੇ ਧਰਨਾਕਾਰੀਆਂ ’ਚ ਹੌਸਲਾ ਭਰਿਆ ਹੈ। ਕਿਸਾਨ ਤਿੰਨ ਖੇਤੀ ਕਾਨੂੰਨ, ਬਿਜਲੀ ਸੋਧ ਬਿੱਲ-2020 ਅਤੇ ਪਰਾਲੀ ਆਰਡੀਨੈਂਸ ਰੱਦ ਕਰਵਾਉਣ ਅਤੇ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਲਈ ਕਾਨੂੰਨ ਬਣਵਾਉਣ ਲਈ ਲਗਾਤਾਰ ਮੋਰਚਿਆਂ ’ਤੇ ਡਟੇ ਰਹਿਣਗੇ। ਉਨ੍ਹਾਂ ਕਿਹਾ ਕਿ ਨੌਜਵਾਨ ਲਗਾਤਾਰ ਮੋਰਚਿਆਂ ਵਿੱਚ ਡਟੇ ਹੋਏ ਹਨ। ਔਰਤਾਂ ਦੀ ਸ਼ਮੂਲੀਅਤ ਵੀ ਇਤਿਹਾਸਕ ਹੈ। ਇਸਦੇ ਨਾਲ ਹੀ ਯੂਨੀਅਨ ਦੇ ਸੂਬਾ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਦੱਸਿਆ ਕਿ 9 ਜੂਨ ਨੂੰ ਦਿੱਲੀ ਸਮੇਤ ਪੰਜਾਬ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਦਾ ਬਲੀਦਾਨ ਦਿਵਸ ਮਨਾਇਆ ਜਾਵੇਗਾ। ਬਾਬਾ ਬੰਦਾ ਸਿੰਘ ਬਹਾਦਰ ਨੇ ਪਹਿਲੀ ਵਾਰ ਜਾਗੀਰਦਾਰਾਂ ਤੋਂ ਜ਼ਮੀਨਾਂ ਖੋਹ ਕੇ ਹਲਵਾਹਕਾਂ ਨੂੰ ਦਿੱਤੀਆਂ ਸਨ। ਇਸ ਮੌਕੇ ਮਾਨਸਾ ਜ਼ਿਲ੍ਹੇ ਦੇ ਜਨਰਲ ਸਕੱਤਰ ਮਹਿੰਦਰ ਸਿੰਘ ਭੈਣੀਬਾਣਾ, ਜ਼ਿਲ੍ਹਾ ਖਜ਼ਾਨਚੀ ਦੇਵੀ ਰਾਮ, ਸਰਦੂਲਗੜ੍ਹ ਦੇ ਪ੍ਰਧਾਨ ਮਨਜੀਤ ਸਿੰਘ ਉੱਲਕ ਅਤੇ ਬੁਢਲਾਡਾ ਤਹਿਸੀਲ ਦੇ ਸਕੱਤਰ ਤਾਰਾ ਚੰਦ ਬਰੇਟਾ, ਹਰਦੇਵ ਸਿੰਘ ਬੁਰਜ ਰਾਠੀ ਅਤੇ ਜੱਗਾ ਸਿੰਘ ਅਕਲੀਆ ਹਾਜ਼ਰ ਸਨ।